
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉੱਚ ਸਿੱਖਿਆ, ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਰਗੇ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਨੌਜਵਾਨ ਮੰਤਰੀ ਦਾ ਵਿਭਾਗ ਦੇ ਪ੍ਰਮੁੱਖ ਅਧਿਕਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਅਹੁਦਾ ਸੰਭਾਲਣ ਤੋਂ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਤਾਏ ਵਿਸ਼ਵਾਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕਾਇਮ ਰੱਖਣਗੇ।
ਉਨ੍ਹਾਂ ਤੁਰੰਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਰਹਿੰਦ-ਖੂੰਹਦ ਪ੍ਰਬੰਧਨ, ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਸ. ਬੈਂਸ ਨੇ ਕਿਹਾ ਕਿ ਪੰਜਾਬ ਦੇ ਸ਼ਹਿਰੀ ਖੇਤਰ ਸੂਬੇ ਦੇ ਵਿਕਾਸ ਦਾ ਮਜ਼ਬੂਤ ਅਧਾਰ ਹਨ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰਾਂ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਨੂੰ ਪਹਿਲ ਦਿੱਤੀ ਜਾਵੇਗੀ।
