Saturday, June 6Punjabi People

ਸਫਲ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਮੁਬਾਰਕਾਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 3 ਜੂਨ 2026: ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇੱਕ ਵਾਰ ਫਿਰ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਦੇਸ਼ ਦੀ ਸਭ ਤੋਂ ਮੁਸ਼ਕਲ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ ਐਡਵਾਂਸਡ-2026 ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਵੱਡੀ ਸਫਲਤਾ ਦਾ ਪ੍ਰਤੀਕ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਲ 2025 ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ, ਜੋ ਲਗਭਗ 34 ਫੀਸਦੀ ਵਾਧਾ ਦਰਸਾਉਂਦੀ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ।

ਜ਼ਿਲ੍ਹਾ-ਵਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਟਿਆਲਾ 11 ਵਿਦਿਆਰਥੀਆਂ ਨਾਲ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਸੰਗਰੂਰ ਦੇ 7 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਦੂਜਾ ਸਥਾਨ ਹਾਸਲ ਕੀਤਾ। ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ 6-6 ਵਿਦਿਆਰਥੀ ਸਫਲ ਰਹੇ। ਫਤਿਹਗੜ੍ਹ ਸਾਹਿਬ ਦੇ 5, ਅੰਮ੍ਰਿਤਸਰ ਅਤੇ ਜਲੰਧਰ ਦੇ 4-4, ਬਠਿੰਡਾ ਅਤੇ ਗੁਰਦਾਸਪੁਰ ਦੇ 3-3, ਫਾਜ਼ਿਲਕਾ ਦੇ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਦੇ 1-1 ਵਿਦਿਆਰਥੀ ਨੇ ਜੇਈਈ ਐਡਵਾਂਸਡ ਵਿੱਚ ਕਾਮਯਾਬੀ ਹਾਸਲ ਕੀਤੀ।

ਇਸ ਉਪਲਬਧੀ ਨੂੰ ਸਰਕਾਰੀ ਸਿੱਖਿਆ ਪ੍ਰਣਾਲੀ ਲਈ ਇੱਕ ਇਤਿਹਾਸਕ ਮੀਲ ਪੱਥਰ ਕਰਾਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕੋਈ ਇਤਫ਼ਾਕ ਜਾਂ ਚਮਤਕਾਰ ਨਹੀਂ, ਸਗੋਂ ਯੋਜਨਾਬੱਧ ਮਿਹਨਤ ਅਤੇ ਸਿੱਖਿਆ ਸੁਧਾਰਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿਰਫ ਇੱਕ ਸਾਲ ਵਿੱਚ 44 ਤੋਂ 59 ਵਿਦਿਆਰਥੀਆਂ ਤੱਕ ਪਹੁੰਚਣਾ ਇਹ ਸਾਬਤ ਕਰਦਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚ ਸਫਲ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪਿੰਡਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਨਵੇਂ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਦਾ ਮੌਕਾ ਦਿੱਤਾ ਹੈ। ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਹਿੰਗੀਆਂ ਨਿੱਜੀ ਕੋਚਿੰਗ ਸੰਸਥਾਵਾਂ ‘ਤੇ ਲੱਖਾਂ ਰੁਪਏ ਖਰਚ ਕੀਤੇ ਬਿਨਾਂ ਜੇਈਈ ਐਡਵਾਂਸਡ ਵਰਗੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ।

ਬੈਂਸ ਨੇ ਕਿਹਾ ਕਿ ਇਹ ਨਤੀਜੇ ਉਸ ਧਾਰਨਾ ਨੂੰ ਵੀ ਗਲਤ ਸਾਬਤ ਕਰਦੇ ਹਨ ਕਿ ਆਈਆਈਟੀ ਵਰਗੀਆਂ ਸੰਸਥਾਵਾਂ ਵਿੱਚ ਦਾਖਲਾ ਸਿਰਫ ਵੱਡੇ ਨਿੱਜੀ ਕੋਚਿੰਗ ਸੈਂਟਰਾਂ ਦੇ ਵਿਦਿਆਰਥੀਆਂ ਨੂੰ ਹੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਰਕਾਰੀ ਸਕੂਲਾਂ ਨੂੰ ਉੱਚ ਪੱਧਰੀ ਇੰਜੀਨੀਅਰਿੰਗ ਅਤੇ ਵਿਗਿਆਨਕ ਪ੍ਰਤਿਭਾਵਾਂ ਤਿਆਰ ਕਰਨ ਵਾਲੇ ਕੇਂਦਰਾਂ ਵਿੱਚ ਬਦਲਣਾ ਹੈ ਅਤੇ ਇਹ ਨਤੀਜੇ ਉਸ ਦਿਸ਼ਾ ਵਿੱਚ ਵੱਡੀ ਕਾਮਯਾਬੀ ਹਨ।

ਸਿੱਖਿਆ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਸਿੱਖਿਆ ਸੁਧਾਰਾਂ ਨੂੰ ਦਿੰਦਿਆਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀ ਕੋਚਿੰਗ, ਆਧੁਨਿਕ ਬੁਨਿਆਦੀ ਢਾਂਚਾ, ਮੌਕ ਟੈਸਟ ਅਤੇ ਤਜਰਬੇਕਾਰ ਅਧਿਆਪਕਾਂ ਦਾ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਧਿਰਾਂ ਨੇ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ਸਿਰਫ਼ ਚੋਣੀ ਸਟੰਟ ਕਰਾਰ ਦਿੱਤਾ ਸੀ, ਪਰ ਲਗਾਤਾਰ ਵੱਧ ਰਹੇ ਜੇਈਈ ਅਤੇ ਨੀਟ ਦੇ ਨਤੀਜੇ ਇਹ ਸਾਬਤ ਕਰਦੇ ਹਨ ਕਿ ਇਹ ਯੋਜਨਾਵਾਂ ਹਕੀਕਤ ਵਿੱਚ ਵਿਦਿਆਰਥੀਆਂ ਦੀ ਜ਼ਿੰਦਗੀ ਬਦਲ ਰਹੀਆਂ ਹਨ। ਅੱਜ ਸਰਕਾਰੀ ਸਕੂਲਾਂ ਦੇ ਬੱਚੇ ਦੇਸ਼ ਦੇ ਸਰਵੋਤਮ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਚੁੱਕੇ ਹਨ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੀ ਕਾਮਯਾਬੀ ਪਿੱਛੇ ਸੰਘਰਸ਼, ਦ੍ਰਿੜ ਇਰਾਦਾ ਅਤੇ ਕਠੋਰ ਮਿਹਨਤ ਦੀ ਪ੍ਰੇਰਣਾਦਾਇਕ ਕਹਾਣੀ ਲੁਕੀ ਹੋਈ ਹੈ। ਇਹ ਸਿਰਫ਼ ਇੱਕ ਪ੍ਰੀਖਿਆ ਵਿੱਚ ਮਿਲੀ ਸਫਲਤਾ ਨਹੀਂ, ਸਗੋਂ ਇਸ ਗੱਲ ਦਾ ਸਬੂਤ ਹੈ ਕਿ ਜੇਕਰ ਬੱਚਿਆਂ ਨੂੰ ਸਹੀ ਸਮੇਂ ‘ਤੇ ਸਹੀ ਮੌਕੇ ਅਤੇ ਮਾਰਗਦਰਸ਼ਨ ਮਿਲੇ ਤਾਂ ਉਹ ਆਪਣੀ ਕਿਸਮਤ ਬਦਲ ਸਕਦੇ ਹਨ।

ਉਨ੍ਹਾਂ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਵਿਦਿਆਰਥਣ ਪ੍ਰਿਆ ਭਾਰਦਵਾਜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਕੇ ਘਰ ਚਲਾਉਂਦੀ ਰਹੀ। ਪਰਿਵਾਰ ਦੀ ਸਾਲਾਨਾ ਆਮਦਨ ਸਿਰਫ਼ 1.44 ਲੱਖ ਰੁਪਏ ਹੋਣ ਦੇ ਬਾਵਜੂਦ ਪ੍ਰਿਆ ਨੇ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਸਰਕਾਰ ਵੱਲੋਂ ਦਿੱਤੀ ਕੋਚਿੰਗ ਅਤੇ ਮਾਰਗਦਰਸ਼ਨ ਦੀ ਬਦੌਲਤ ਜੇਈਈ ਐਡਵਾਂਸਡ ਪਾਸ ਕੀਤਾ। ਉਹ ਹੁਣ ਇੰਜੀਨੀਅਰ ਬਣ ਕੇ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨਾ ਚਾਹੁੰਦੀ ਹੈ।

ਇਸੇ ਤਰ੍ਹਾਂ ਐਸਏਐਸ ਨਗਰ ਦੇ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਵੀ ਜੇਈਈ ਐਡਵਾਂਸਡ ਵਿੱਚ ਸਫਲਤਾ ਹਾਸਲ ਕੀਤੀ। ਉਸਦੇ ਪਿਤਾ ਦਿਹਾੜੀਦਾਰ ਮਜ਼ਦੂਰ ਹਨ ਅਤੇ ਮਾਤਾ ਘਰੇਲੂ ਔਰਤ ਹੈ। ਆਰਥਿਕ ਮੁਸ਼ਕਲਾਂ ਦੇ ਬਾਵਜੂਦ ਪ੍ਰਭਜੋਤ ਨੂੰ ਸਰਕਾਰ ਅਤੇ ਅਧਿਆਪਕਾਂ ਤੋਂ ਮਿਲੀ ਸਹਾਇਤਾ ਨੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਹੈ। ਉਹ ਇੰਜੀਨੀਅਰ ਬਣ ਕੇ ਆਪਣੇ ਪਰਿਵਾਰ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣਾ ਚਾਹੁੰਦਾ ਹੈ।

ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਵਿਦਿਆਰਥੀ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਮੁਫ਼ਤ ਕੋਚਿੰਗ, ਮੌਕ ਟੈਸਟ ਅਤੇ ਮਾਰਗਦਰਸ਼ਨ ਨੇ ਉਸਦੀ ਤਿਆਰੀ ਨੂੰ ਮਜ਼ਬੂਤ ਬਣਾਇਆ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ ਹਨ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨਿੱਜੀ ਕੋਚਿੰਗ ਦਾ ਖਰਚਾ ਝੱਲਣ ਦੇ ਯੋਗ ਨਹੀਂ ਸੀ। ਹਰਸ਼ ਦਾ ਸੁਪਨਾ ਆਈਆਈਟੀ ਮੁੰਬਈ ਵਿੱਚ ਦਾਖਲਾ ਲੈ ਕੇ ਆਪਣੇ ਪਰਿਵਾਰ ਲਈ ਬਿਹਤਰ ਭਵਿੱਖ ਤਿਆਰ ਕਰਨਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਸਿਰਫ਼ ਸਿੱਖਿਆ ਦੇ ਕੇਂਦਰ ਹੀ ਨਹੀਂ, ਸਗੋਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਵਾਲੇ ਸੰਸਥਾਨ ਬਣ ਰਹੇ ਹਨ।

Leave a Reply

Your email address will not be published. Required fields are marked *