Saturday, May 23Punjabi People

ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪ੍ਰੋਜੈਕਟਾਂ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 12 ਅਪ੍ਰੈਲ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਲਕਸ਼ ਸ਼ਹਿਰ ਨੂੰ ਸਮਾਰਟ ਸਿਟੀ ਦੇ ਮਾਡਲ ‘ਤੇ ਤਿਆਰ ਕਰਨਾ ਹੈ, ਤਾਂ ਜੋ ਸਥਾਨਕ ਵਸਨੀਕਾਂ ਅਤੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਅਧੁਨਿਕ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਵੇਗਾ। ਇਸਦੇ ਨਾਲ ਹੀ ਸ਼ਹਿਰ ਦੀਆਂ ਨਾਲੀਆਂ ਨੂੰ ਅੰਡਰਗ੍ਰਾਊਂਡ ਕੀਤਾ ਜਾ ਰਿਹਾ ਹੈ, ਜੋ ਸਫਾਈ ਪ੍ਰਣਾਲੀ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਜਾਰੀ ਹੈ, ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ।

ਸਿੱਖਿਆ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਇੱਥੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸਦੇ ਨਾਲ ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦਿੱਤੀ ਜਾ ਰਹੀ ਹੈ। ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੂਟਿੰਗ ਰੇਂਜ ਅਤੇ ਹਾਕੀ ਆਸਟ੍ਰੋਟਰਫ ਮੈਦਾਨ ਬਣਾਏ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਕਾਬਲੀਆਤ ਨਿਖਾਰਨ ਦੇ ਵਧੀਆ ਮੌਕੇ ਮਿਲਣਗੇ।

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਟਰਾਮਾ ਸੈਂਟਰ ਅਤੇ ਜੱਚਾ-ਬੱਚਾ ਸੰਭਾਲ ਹਸਪਤਾਲ ਬਣਾਏ ਜਾਣਗੇ। ਮੰਤਰੀ ਨੇ ਕਿਹਾ ਕਿ ਇਹ ਸਹੂਲਤਾਂ ਖ਼ਾਸ ਕਰਕੇ ਐਮਰਜੈਂਸੀ ਹਾਲਾਤਾਂ ਵਿੱਚ ਬਹੁਤ ਲਾਭਦਾਇਕ ਸਾਬਤ ਹੋਣਗੀਆਂ। ਸ਼ਹਿਰ ਦੀ ਸੁੰਦਰਤਾ ਨੂੰ ਨਿਖਾਰਨ ਲਈ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਚਿੱਤਰਕਾਰੀ ਵੀ ਕਰਵਾਈ ਗਈ ਹੈ ਅਤੇ ਸ਼ਰਧਾਲੂਆਂ ਲਈ ਪੱਕੀ ਟੈਂਟ ਸਿਟੀ ਦਾ ਨਿਰਮਾਣ ਕੀਤਾ ਗਿਆ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 15 ਏਕੜ ਜ਼ਮੀਨ ‘ਤੇ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ, ਜਿਸ ਨਾਲ ਸਰਕਾਰੀ ਕੰਮਕਾਜ ਹੋਰ ਪ੍ਰਭਾਵਸ਼ਾਲੀ ਬਣੇਗਾ। ਇਸਦੇ ਇਲਾਵਾ ਚਰਨ ਗੰਗਾ ਸਟੇਡੀਅਮ ਦਾ ਨਵਾਂ ਡਿਜ਼ਾਇਨ ਤਿਆਰ ਕੀਤਾ ਜਾ ਰਿਹਾ ਹੈ ਅਤੇ ਚਰਨ ਗੰਗਾ ਖੱਡ ਰਾਹੀਂ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਯਤਨ ਜਾਰੀ ਹਨ।

ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਪ੍ਰੋਜੈਕਟ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਿਕਾਸ ਦੇ ਨਵੇਂ ਮਿਆਰਾਂ ‘ਤੇ ਲੈ ਜਾਣਗੇ ਅਤੇ ਇਸਨੂੰ ਇੱਕ ਮਾਡਲ ਸ਼ਹਿਰ ਵਜੋਂ ਸਥਾਪਿਤ ਕਰਨ ਵਿੱਚ ਮੱਦਦਗਾਰ ਸਾਬਤ ਹੋਣਗੇ।

Leave a Reply

Your email address will not be published. Required fields are marked *