
ਨੰਗਲ, 14 ਮਈ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਜਨਗਣਨਾ ਲਈ ਤਿਆਰ ਕੀਤੀ ਗਈ ਐਪ ‘ਤੇ ਆਪਣੀ ਨਿੱਜੀ ਜਾਣਕਾਰੀ ਦਰਜ ਕਰਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਸੂਬੇ ਦੀ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਹਨ। ਇਸ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੌਰਾਨ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਵੇ। ਉਨ੍ਹਾਂ ਕਿਹਾ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਤਿਆਰੀ ਅਤੇ ਲਾਗੂ ਕਰਨ ਵਿੱਚ ਰੁਕਾਵਟ ਪੈ ਸਕਦੀ ਹੈ। ਇਸ ਲਈ ਹਰ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰਨਾ ਸਭ ਦੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜ਼ੀਟਲ ਤਰੀਕੇ ਨਾਲ ਜਨਗਣਨਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਇਹ ਪ੍ਰਕਿਰਿਆ ਹੋਰ ਤੇਜ਼, ਆਸਾਨ ਅਤੇ ਪਾਰਦਰਸ਼ੀ ਬਣਦੀ ਹੈ। ਐਪ ਰਾਹੀਂ ਸਵੈ ਜਨਗਣਨਾ ਕਰਨ ਨਾਲ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬਚਤ ਦੇ ਨਾਲ ਸਰਕਾਰੀ ਕਰਮਚਾਰੀਆਂ ‘ਤੇ ਕੰਮ ਦਾ ਬੋਝ ਵੀ ਘਟੇਗਾ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਗਣਨਾ ਸਿਰਫ਼ ਸਰਕਾਰੀ ਕਾਰਵਾਈ ਨਹੀਂ, ਬਲਕਿ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਹੀ ਅਤੇ ਪੂਰੀ ਜਾਣਕਾਰੀ ਦੇਣ ਨਾਲ ਹੀ ਲੋਕ ਭਲਾਈ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ-ਚੜ੍ਹ ਕੇ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਜਨਗਣਨਾ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਮਾਸਟਰ ਟ੍ਰੇਨਰ ਅਸ਼ਵਨੀ ਕੁਮਾਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
