
ਚੰਡੀਗੜ੍ਹ, 25 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਦੇ ਤੌਰ ‘ਤੇ ਅੱਜ ਆਪਣੇ ਦਫ਼ਤਰ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਲੰਬਿਤ ਮੰਗਾਂ ਅਤੇ ਚਿੰਤਾਵਾਂ ਦਾ ਹੱਲ ਲੱਭਣਾ ਸੀ।
ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਸੰਗਠਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ।
ਉਨ੍ਹਾਂ ਨੇ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁਲਾਜ਼ਮਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
”ਉਨ੍ਹਾਂ ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਨੁਮਾਇੰਦਿਆਂ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ ਤਾਂ ਜੋ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਕਿਰਿਆ ਰਾਹੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਅਤੇ ਹੱਲ ਕੀਤਾ ਜਾ ਸਕੇ।
ਮੀਟਿੰਗਾਂ ਵਿੱਚ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਤੋਂ ਡਾ. ਟੀਨਾ ਅਤੇ ਅਜੈ ਕੁਮਾਰ, ਅਧਿਆਪਕ ਇਨਸਾਫ਼ ਕਮੇਟੀ ਤੋਂ ਵਿਕਰਮ ਦੇਵ ਸਿੰਘ, ਦਿਗਵਿਜੇ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ ਅਤੇ ਬਾਜ਼ ਸਿੰਘ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ ਵੱਲੋਂ ਸਾਹਿਬ ਸਿੰਘ, ਗੁਰਵਿਰਯਮ ਸਿੰਘ ਅਤੇ ਸੁਖਜੀਤ ਸਿੰਘ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਤੋਂ ਸੋਭਾ ਸਿੰਘ, ਅਤੇ ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਰਵੀ ਕੁਮਾਰ ਅਤੇ ਸ਼ਿੰਦਰਪਾਲ ਸਿੰਘ ਨੇ ਆਪਣੀਆਂ ਯੂਨੀਅਨਾਂ ਨਾਲ ਸੰਬੰਧਿਤ ਮਸਲੇ ਪੇਸ਼ ਕੀਤੇ।
