
ਪਟਿਆਲਾ / ਚੰਡੀਗੜ੍ਹ, 30 ਮਾਰਚ 2026: ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਰਾਜਨੀਤਿਕ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਦੀ ਪਾਰਟੀ ਦੇ ਮੰਚਾਂ ‘ਤੇ ਪੰਜਾਬ ਦੇ ਭਵਿੱਖ ਬਾਰੇ ਗੰਭੀਰ ਚਰਚਾ ਹੁੰਦੀ ਹੈ, ਉੱਥੇ ਵਿਰੋਧੀ ਪਾਰਟੀਆਂ ਦੇ ਮੰਚ ਸਿਰਫ਼ ਆਪਣੀਆਂ ਸੀਟਾਂ ਬਚਾਉਣ ਤੱਕ ਸੀਮਿਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਭਰੋਸਾ ਨਾ ਕਰਨ, ਕਿਉਂਕਿ ਇਹ ਦੋਵੇਂ ਪਾਰਟੀਆਂ ਆਪਸ ਵਿੱਚ ਮਿਲੀਭੁਗਤ ਕਰਦੀਆਂ ਹਨ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਕਈ ਵਾਰ ਇਕੋ ਗੱਡੀ ਵਿੱਚ ਬੈਠ ਕੇ ਉਨ੍ਹਾਂ ਦੇ ਵਿਰੁੱਧ ਰੈਲੀਆਂ ਕਰਨ ਜਾਂਦੇ ਹਨ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇਕਰ ਇਹ ਅਸਲ ਵਿਰੋਧੀ ਹਨ ਤਾਂ ਫਿਰ ਇੱਕ ਦੂਜੇ ਦੇ ਖ਼ਿਲਾਫ਼ ਕਿਉਂ ਨਹੀਂ ਬੋਲਦੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇ 2022 ਵਿੱਚ ਸਰਕਾਰ ਵਿੱਚ ਬਦਲਾਅ ਨਾ ਆਉਂਦਾ, ਤਾਂ ਪੰਜਾਬ ਦੀ ਹਾਲਤ ਬਹੁਤ ਮਾੜੀ ਹੋ ਸਕਦੀ ਸੀ।
ਪਾਣੀ ਦੇ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਹਰਿਆਣਾ ਨੂੰ ਉਸਦੇ ਹਿੱਸੇ ਤੋਂ ਵੱਧ ਇੱਕ ਬੂੰਦ ਪਾਣੀ ਵੀ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਹਰ ਬੂੰਦ ਦਾ ਪੂਰਾ ਹਿਸਾਬ ਰੱਖਿਆ ਜਾ ਰਿਹਾ ਹੈ ਅਤੇ ਹਰ ਸਾਲ 21 ਮਈ ਨੂੰ ਦੋਵੇਂ ਸੂਬਿਆਂ ਵਿੱਚ ਵੰਡ ਹੁੰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਭਾਵੇਂ ਹਰਿਆਣਾ ਆਪਣਾ ਪਾਣੀ ਪਹਿਲਾਂ ਹੀ ਖਤਮ ਕਰ ਲਵੇ, ਫਿਰ ਵੀ ਪੰਜਾਬ ਵੱਲੋਂ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ। ਪੁਰਾਣੇ ਸਮਿਆਂ ਵਾਂਗ ਰੁਟੀਨ ਸਮਝੌਤਿਆਂ ਦਾ ਦੌਰ ਹੁਣ ਖਤਮ ਹੋ ਚੁੱਕਾ ਹੈ ਅਤੇ ਹਰ ਫੈਸਲਾ ਪੂਰੀ ਪਾਰਦਰਸ਼ਤਾ ਨਾਲ ਲਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਲੋਕਾਂ ਵੱਲੋਂ ਕੀਤੇ ਗਏ ਫੈਸਲੇ ਨਾਲ ਸੂਬੇ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਬੇਸੁਧ ਵਾਅਦੇ ਕਰਦੇ ਹਨ—ਕਦੇ ਪਿੰਡਾਂ ਵਿੱਚ ਖੇਡਾਂ ਲਈ ਮੁਆਵਜ਼ਾ ਦੇਣ ਦੀ ਗੱਲ ਕਰਦੇ ਹਨ ਤੇ ਕਦੇ ਮੱਝਾਂ ਵੰਡਣ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਦਾ ਧਿਆਨ ਕਦੇ ਵੀ ਅਸਲ ਰੋਜ਼ਗਾਰ ਸਿਰਜਣ ‘ਤੇ ਨਹੀਂ ਰਿਹਾ।
ਇਸਦੇ ਉਲਟ, ਮੁੱਖ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ 65,000 ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੌਕਰੀਆਂ ਲਈ ਭਾਰੀ ਰਕਮਾਂ ਦੇ ਲੈਣ-ਦੇਣ ਹੁੰਦੇ ਸਨ, ਜਿੱਥੇ ਉਮੀਦਵਾਰਾਂ ਤੋਂ ਲੱਖਾਂ ਰੁਪਏ ਦੀ ਮੰਗ ਕੀਤੀ ਜਾਂਦੀ ਸੀ। ਪਰ ਹੁਣ ਇਹ ਪ੍ਰਣਾਲੀ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਈ ਗਈ ਹੈ ਅਤੇ ਯੋਗਤਾ ਦੇ ਆਧਾਰ ‘ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
