Wednesday, July 29Punjabi People

ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਲ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਸੰਬੰਧਤ ਯੋਜਨਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣਾ ਸੀ।

ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਸ਼ਾਮਲ ਹੋਇਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸ., ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਖੁਰਾਕ ਅਤੇ ਪੋਸ਼ਣ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ, ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਦੇ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਤੌਰ ‘ਤੇ ਵਧਾਈ ਜਾਵੇ।

ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਨ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦਾ ਲਾਭ ਦੇਣ ਬਾਰੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਧਾਰ ਦੀ ਲੋੜ ਵਾਲੇ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਨਵੀਂ ਉਸਾਰੀ ਦਾ ਮਸਲਾ ਉਠਾਉਣ ‘ਤੇ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨਾ ਜ਼ਰੂਰੀ ਹੈ, ਤਾਂ ਜੋ ਉਪਲਬਧ ਫੰਡਾਂ ਦੀ ਸਮੇਂ-ਸਿਰ ਅਤੇ ਜਨਹਿੱਤ ਵਿੱਚ ਉਪਯੋਗਤਾ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਬਾਗਾਂ ਅਤੇ ਔਸ਼ਧੀ ਬਾਗਾਂ ਦੇ ਵਿਕਾਸ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਤੌਰ ‘ਤੇ ਪ੍ਰਸ਼ਿਕਸ਼ਣ ਦੇਣ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਕੁਸ਼ਲਤਾ ਵਧਾਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੀਤੀਆਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ, ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸਰਕਾਰ ਦੀ ਪ੍ਰਥਮਤਾ ਹੈ।

ਮੀਟਿੰਗ ਨੂੰ ਲਾਭਕਾਰੀ ਕਰਾਰ ਦਿੰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਪ੍ਰਸਤਾਵਿਤ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਨਹਿੱਤ ਵਿੱਚ ਲੋੜੀਂਦੇ ਕਦਮ ਚੁੱਕੇ ਜਾਣਗੇ।

ਇਸ ਮੌਕੇ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਰਹੇ।

Leave a Reply

Your email address will not be published. Required fields are marked *