Saturday, May 23Punjabi People

ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 672 ਨਵੀਆਂ ਸਟਾਫ਼ ਨਰਸਾਂ ਭਰਤੀ ਕਰਨ ਦੀ ਘੋਸ਼ਣਾ ਕੀਤੀ

ਚੰਡੀਗੜ੍ਹ, 12 ਮਾਰਚ 2026: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੇਵਾਵਾਂ ਨੂੰ ਹੋਰ ਸੁਧਾਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣ ਲਈ ਕਿਹਾ ਗਿਆ ਹੈ।

ਇਹ ਆਨਲਾਈਨ ਪੋਰਟਲ 13 ਮਾਰਚ 2026 ਤੋਂ 2 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ।

ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ 406 ਸਟਾਫ਼ ਨਰਸ ਅਸਾਮੀਆਂ ਤੋਂ ਵੱਖਰੀ ਹੈ। ਉਨ੍ਹਾਂ ਵਿੱਚੋਂ 275 ਅਸਾਮੀਆਂ ਲਈ ਨਿਯੁਕਤੀ ਪੱਤਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਨਰਸਾਂ ਪੰਜਾਬ ਦੇ ਵੱਖ-ਵੱਖ ਸਬ ਡਿਵੀਜ਼ਨਲ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਭਰਤੀ ਕੀਤੀਆਂ 282 ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਹ ਕਦਮ ਸਿਹਤ ਖੇਤਰ ਵਿੱਚ ਸੁਚੱਜੇ ਪ੍ਰਸ਼ਾਸਨ, ਸਮੇਂ ਸਿਰ ਭਰਤੀ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

672 ਨਵੀਆਂ ਨਰਸਾਂ ਦੀ ਭਰਤੀ ਨਾਲ ਖਾਸ ਕਰਕੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਪੱਧਰਾਂ ‘ਤੇ ਨਰਸਿੰਗ ਵਰਕਫੋਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਨਾਲ ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਹੋਵੇਗਾ ਅਤੇ ਸਰਕਾਰੀ ਹਸਪਤਾਲਾਂ ਵਿੱਚ ਕਰਮਚਾਰੀਆਂ ‘ਤੇ ਪੈਂਦੇ ਕੰਮ ਦੇ ਬੋਝ ਵਿੱਚ ਵੀ ਕਮੀ ਆਵੇਗੀ।

ਸਿਹਤ ਸੰਭਾਲ ਵਰਕਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਭਰ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਮਾਨਵ ਸੰਸਾਧਨਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਪਹਿਲਾਂ ਹੀ ਡਾਕਟਰਾਂ, ਮਾਹਿਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। ਹੁਣ 672 ਹੋਰ ਸਟਾਫ਼ ਨਰਸਾਂ ਦੀ ਭਰਤੀ ਨਾਲ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਮਿਲਣ ਯਕੀਨੀ ਬਣਨਗੀਆਂ।

ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਬਿਹਤਰ ਗੁਣਵੱਤਾ ਵਾਲਾ ਇਲਾਜ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੰਭਾਲ ਸਟਾਫ਼ ਅਤੇ ਬੁਨਿਆਦੀ ਢਾਂਚੇ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।

ਪਿਛਲੇ ਕੁਝ ਸਾਲਾਂ ਦੌਰਾਨ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਰ ਅਤੇ 948 ਜਨਰਲ ਡਾਕਟਰ ਸ਼ਾਮਲ ਹਨ। ਇਹ ਨਿਯੁਕਤੀਆਂ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਡਾਕਟਰਾਂ ਦਾ ਲਗਭਗ 35 ਫੀਸਦੀ ਬਣਦੀਆਂ ਹਨ ਅਤੇ ਇਨ੍ਹਾਂ ਨਾਲ ਸੂਬੇ ਵਿੱਚ ਡਾਕਟਰੀ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ।ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਜਾਲ ਨੂੰ ਵਧਾਉਣ ਦੇ ਨਾਲ-ਨਾਲ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰੇਕ ਨਾਗਰਿਕ ਤੱਕ ਮਿਆਰੀ ਪ੍ਰਾਇਮਰੀ ਸਿਹਤ ਸੇਵਾਵਾਂ ਪਹੁੰਚ ਸਕਣ।

ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਫ਼ਤ ਦਵਾਈਆਂ ਅਤੇ ਆਧੁਨਿਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਵਧਾਈ ਗਈ ਹੈ, ਜਿਸ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਆਇਆ ਹੈ।

ਪੰਜਾਬ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਸਿਹਤ ਕਵਰੇਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਬਿਨਾਂ ਵਿੱਤੀ ਬੋਝ ਦੇ ਗੁਣਵੱਤਾ ਵਾਲੀ ਸਿਹਤ ਸੰਭਾਲ ਸੇਵਾ ਮਿਲ ਸਕਦੀ ਹੈ।

672 ਨਵੀਆਂ ਸਟਾਫ਼ ਨਰਸਾਂ ਦੀ ਭਰਤੀ ਨਾਲ ਸੂਬੇ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਇਹ ਕਦਮ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਸੁਧਾਰੇਗਾ, ਸਰਕਾਰੀ ਹਸਪਤਾਲਾਂ ਵਿੱਚ ਵੱਧ ਰਹੇ ਓਪੀਡੀ ਅਤੇ ਆਈਪੀਡੀ ਬੋਝ ਨੂੰ ਸੰਭਾਲਣ ਵਿੱਚ ਮਦਦ ਕਰੇਗਾ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਏਗਾ।

ਇਸ ਨਾਲ ਕੌਮੀ ਅਤੇ ਰਾਜ ਸਰਕਾਰ ਦੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਵਿੱਚ ਵੀ ਸਹਾਇਤਾ ਮਿਲੇਗੀ। ਨਾਲ ਹੀ ਤੀਸਰੇ ਦਰਜੇ ਦੇ ਹਸਪਤਾਲਾਂ ‘ਤੇ ਰੈਫਰਲ ਬੋਝ ਘਟੇਗਾ ਅਤੇ ਕਮਿਊਨਿਟੀ ਪੱਧਰ ‘ਤੇ ਲਗਾਤਾਰ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਸੇਵਾ ਯਕੀਨੀ ਬਣੇਗੀ।

ਇਹ ਭਰਤੀ ਮੁਹਿੰਮ ਪੰਜਾਬ ਸਰਕਾਰ ਦੀ ਮਜ਼ਬੂਤ, ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਸਿਹਤ ਸੰਭਾਲ ਪ੍ਰਣਾਲੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨਰਸਿੰਗ ਕਾਡਰ ਦੇ ਵਿਸਥਾਰ ਅਤੇ ਮਾਹਰ ਸੇਵਾਵਾਂ ਦੀ ਮਜ਼ਬੂਤੀ ਰਾਹੀਂ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਵਿਆਪਕ ਸਿਹਤ ਸੁਧਾਰਾਂ ਨੂੰ ਯਕੀਨੀ ਬਣਾਉਣ ਵੱਲ ਅੱਗੇ ਵੱਧ ਰਹੀ ਹੈ।

Leave a Reply

Your email address will not be published. Required fields are marked *