
ਚੰਡੀਗੜ੍ਹ, 12 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅੰਦਰੂਨੀ ਸੁਰੱਖਿਆ ਵਿੰਗ ਹੇਠ ਬਣਾਏ ਗਏ ਨਵੇਂ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਨੇ ਇਸ ਕਾਰਵਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਸਰਗਰਮੀਆਂ ‘ਤੇ ਨਿਗਰਾਨੀ ਕਰਨ ਅਤੇ ਉਸਦੀ ਹਿਲਜੁਲ ‘ਤੇ ਰੋਕ ਲਗਾਉਣ ਲਈ ਰੈੱਡ ਕਾਰਨਰ ਨੋਟਿਸ ਅਤੇ ਲੁੱਕ-ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਤਾਲਮੇਲ ਰਾਹੀਂ ਇੱਕ ਮੱਧ ਏਸ਼ੀਆਈ ਦੇਸ਼ ਵਿੱਚ ਉਸਦੀ ਮੌਜੂਦਗੀ ਦਾ ਪਤਾ ਲੱਗਿਆ। ਇਸ ਤੋਂ ਬਾਅਦ ਉਸਨੂੰ ਡਿਪੋਰਟ ਕਰ ਦਿੱਤਾ ਗਿਆ ਅਤੇ ਜਿਵੇਂ ਹੀ ਉਹ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ, ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਅਨੁਸਾਰ ਫਿਰੋਜ਼ਪੁਰ ਦਾ ਰਹਿਣ ਵਾਲਾ ਭੁਵਨੇਸ਼ ਚੋਪੜਾ ਫਿਰੋਜ਼ਪੁਰ ਵਿੱਚ ਹੋਏ ਸਨਸਨੀਖੇਜ਼ ਤੀਹਰੇ ਕਤਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਦੇ ਖ਼ਿਲਾਫ਼ ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਨੌਂ ਕੇਸ ਦਰਜ ਹਨ।
ਡੀਜੀਪੀ ਨੇ ਦੱਸਿਆ ਕਿ ਚੋਪੜਾ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਕ ਭੂਮਿਕਾ ਨਿਭਾ ਰਿਹਾ ਸੀ ਅਤੇ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜ ਗਿਆ ਸੀ।
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਇਲਾਵਾ ਚੋਪੜਾ ਅਗਸਤ 2024 ਵਿੱਚ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਵੀ ਸੀ। ਇਸ ਘਟਨਾ ਵਿੱਚ ਚੋਪੜਾ ਅਤੇ ਦਿਲਦੀਪ ਸਿੰਘ ਵਿਚਕਾਰ ਚੱਲ ਰਹੀ ਰੰਜ਼ਿਸ ਦੇ ਕਾਰਨ ਦਿਲਦੀਪ ਸਿੰਘ, ਇੱਕ ਨੌਜਵਾਨ ਲੜਕੀ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਚੋਪੜਾ ਦੀ ਗ੍ਰਿਫ਼ਤਾਰੀ ਨਾਲ ਫਿਰੋਜ਼ਪੁਰ ਅਤੇ ਸਰਹੱਦੀ ਇਲਾਕਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਲਈ ਵਰਤੇ ਜਾ ਰਹੇ ਲੌਜਿਸਟਿਕਸ ਨੈੱਟਵਰਕ ਨੂੰ ਵੱਡਾ ਝਟਕਾ ਲੱਗੇਗਾ ਅਤੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਦੀਆਂ ਗਤੀਵਿਧੀਆਂ ਕਾਫ਼ੀ ਹੱਦ ਤੱਕ ਕਮਜ਼ੋਰ ਹੋਣ ਦੀ ਸੰਭਾਵਨਾ ਹੈ।
