
ਚੰਡੀਗੜ੍ਹ, 4 ਮਈ 2026: ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਬਰਾਬਰੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਯੋਜਨਾਵਾਂ ਤਹਿਤ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ। ਇਸ ਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਹਨ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਅਧਾਰਿਤ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਤਹਿਤ 1229 ਲਾਭਪਾਤਰੀਆਂ ਨੂੰ 5.39 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ, ਜਿਸ ਨਾਲ ਕਈ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਈ ਅਤੇ ਉਨ੍ਹਾਂ ਵਿੱਚ ਨਵਾਂ ਭਰੋਸਾ ਪੈਦਾ ਹੋਇਆ।
ਡਾ. ਬਲਜੀਤ ਕੌਰ ਨੇ ਕਿਹਾ, “ਸਾਡਾ ਮਕਸਦ ਕੇਵਲ ਆਰਥਿਕ ਮਦਦ ਦੇਣਾ ਨਹੀਂ, ਬਲਕਿ ਲੋਕਾਂ ਨੂੰ ਖੁਦਮੁਖਤਿਆਰ ਅਤੇ ਸਸ਼ਕਤ ਬਣਾਉਣਾ ਹੈ।”ਉਨ੍ਹਾਂ ਦੱਸਿਆ ਕਿ ਇਹ ਉਪਰਾਲੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ, ਸਗੋਂ ਕਈ ਪਰਿਵਾਰਾਂ ਦੀਆਂ ਜ਼ਿੰਦਗੀਆਂ ਵਿੱਚ ਆਏ ਅਸਲ ਬਦਲਾਅ ਨੂੰ ਦਰਸਾਉਂਦੇ ਹਨ। ਕਿਸੇ ਨੇ ਆਪਣਾ ਛੋਟਾ ਕਾਰੋਬਾਰ ਸ਼ੁਰੂ ਕੀਤਾ, ਤਾਂ ਕਿਸੇ ਨੇ ਆਪਣੇ ਹੁਨਰ ਨੂੰ ਰੋਜ਼ਗਾਰ ਵਿੱਚ ਬਦਲ ਕੇ ਸਨਮਾਨ ਨਾਲ ਜੀਵਨ ਯਾਪਨ ਕਰਨਾ ਸ਼ੁਰੂ ਕੀਤਾ। ਇਹ ਬਦਲਾਅ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਵੀਂ ਉਮੀਦ ਅਤੇ ਆਤਮ-ਵਿਸ਼ਵਾਸ ਦਾ ਸੰਦੇਸ਼ ਦੇ ਰਿਹਾ ਹੈ।
ਮੰਤਰੀ ਨੇ ਹੋਰ ਦੱਸਿਆ ਕਿ ਲਾਭਪਾਤਰੀਆਂ ਨੂੰ “ਹੈਂਡਹੋਲਡਿੰਗ ਸਪੋਰਟ” ਤਹਿਤ ਲਗਾਤਾਰ ਮਾਰਗਦਰਸ਼ਨ, ਤਕਨੀਕੀ ਸਹਾਇਤਾ ਅਤੇ ਮਾਰਕੀਟ ਨਾਲ ਜੋੜਨ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਲੰਬੇ ਸਮੇਂ ਤੱਕ ਸਫਲਤਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀ ਤਰੱਕੀ ਨਾਲ ਪੂਰੇ ਸਮਾਜ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਸਭ ਲਈ ਸਮਾਵੇਸ਼ੀ ਵਿਕਾਸ’ ਦੇ ਵਿਜ਼ਨ ਨੂੰ ਅਮਲ ਵਿੱਚ ਲਿਆਉਣ ਲਈ ਵਚਨਬੱਧ ਹੈ। ਸਰਕਾਰ ਦਾ ਟੀਚਾ ਅਨੁਸੂਚਿਤ ਜਾਤੀਆਂ ਸਮੇਤ ਹਰ ਪਿੱਛੜੇ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਕੇ ਖੁਸ਼ਹਾਲ ਅਤੇ ਸਮਾਨਤਾਪੂਰਨ ਪੰਜਾਬ ਦੀ ਸਿਰਜਣਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਾਬਤ ਕਰਦੇ ਹਨ ਕਿ ਪੰਜਾਬ ਵਿੱਚ ਵਿਕਾਸ ਹੁਣ ਸਿਰਫ਼ ਕਾਗਜ਼ੀ ਯੋਜਨਾਵਾਂ ਤੱਕ ਸੀਮਿਤ ਨਹੀਂ ਰਿਹਾ, ਸਗੋਂ ਹਰ ਲੋੜਵੰਦ ਦੇ ਜੀਵਨ ਵਿੱਚ ਅਸਲ ਅਤੇ ਸਕਾਰਾਤਮਕ ਬਦਲਾਅ ਲਿਆਉਣ ਦਾ ਪ੍ਰਭਾਵਸ਼ਾਲੀ ਸਾਧਨ ਬਣ ਰਿਹਾ ਹੈ।
