Saturday, May 23Punjabi People

ਟੈਕਸ ਚੋਰੀ ਵਿਰੁੱਧ ਸਰਕਾਰ ਦੀ ਸਖ਼ਤ ਕਾਰਵਾਈ, 5 ਕਰੋੜ ਰੁਪਏ ਦਾ ਸਮਾਨ ਅਤੇ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਟੈਕਸ ਚੋਰੀ ਖ਼ਿਲਾਫ਼ ਵੱਡੇ ਪੱਧਰ ‘ਤੇ ਇਨਫੋਰਸਮੈਂਟ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ 200 ਤੋਂ ਵੱਧ ਵਾਹਨ ਕਬਜ਼ੇ ਵਿੱਚ ਲੈ ਕੇ ਕਰੀਬ 5 ਕਰੋੜ ਰੁਪਏ ਮੁੱਲ ਦਾ ਮਾਲ ਜ਼ਬਤ ਕੀਤਾ ਹੈ।

ਚੀਮਾ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਜਾਅਲੀ ਬਿਲਿੰਗ ਅਤੇ ਬਿਨਾਂ ਢੁੱਕਵੇਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ‘ਤੇ ਰੋਕ ਲਗਾਉਣਾ ਸੀ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ 1600 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ ਗਿਆ, ਜਿਸ ਵਿੱਚ ਲੋਹੇ ਅਤੇ ਸਟੀਲ ਦੀਆਂ ਖੇਪਾਂ ਸ਼ਾਮਲ ਹਨ। ਉਨ੍ਹਾਂ ਮੁਤਾਬਕ ਕਈ ਖੇਪਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ, ਜਦਕਿ ਕੁਝ ਮਾਮਲਿਆਂ ਵਿੱਚ ਜਾਅਲੀ ਦਸਤਾਵੇਜ਼ ਵਰਤੇ ਗਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਜਾਂਚ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ ਅਤੇ ਡਿਫਾਲਟਰਾਂ ‘ਤੇ ਲਗਭਗ 3 ਕਰੋੜ ਰੁਪਏ ਤੱਕ ਦੇ ਜੁਰਮਾਨੇ ਲੱਗ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਚੋਰੀ ਅਤੇ ਫਰਜ਼ੀ ਦਸਤਾਵੇਜ਼ਾਂ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਜੀਐਸਟੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਿਆਂ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਵਿਰੁੱਧ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *