
ਚੰਡੀਗੜ੍ਹ, 28 ਅਪ੍ਰੈਲ 2026: ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ।
ਸਰਕਾਰ ਵੱਲੋਂ ਬੁਲਾਇਆ ਜਾ ਰਿਹਾ ਇਹ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਮਿਹਨਤਕਸ਼ ਮਜ਼ਦੂਰਾਂ ਅਤੇ ਕਿਰਤੀ ਵਰਗ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਇਜਲਾਸ ਦੌਰਾਨ ਮਜ਼ਦੂਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਵੇਗਾ।
ਸੈਸ਼ਨ ਵਿੱਚ ਮਨਰੇਗਾ ਯੋਜਨਾ ਵਿੱਚ ਕੀਤੀਆਂ ਤਬਦੀਲੀਆਂ ਦੇ ਮਜ਼ਦੂਰ ਵਰਗ ‘ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ ‘ਤੇ ਵੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਦੇਖਰੇਖ ਹੇਠ ਹੋਰ ਜ਼ਰੂਰੀ ਵਿਧਾਨਕ ਕਾਰਵਾਈਆਂ ਨੂੰ ਵੀ ਨਿਯਮਾਂ ਅਨੁਸਾਰ ਪੂਰਾ ਕੀਤਾ ਜਾਵੇਗਾ, ਤਾਂ ਜੋ ਸੂਬੇ ਦੇ ਵਿਕਾਸ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
