
ਚੰਡੀਗੜ੍ਹ, 01 ਨਵੰਬਰ 2026: ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੇ ਜਲਦੀ ਨਿਪਟਾਰੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟਾਉਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਭਰ ਵਿੱਚ 35 ਵਿਸ਼ੇਸ਼ ਐਨਡੀਪੀਐਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਪੰਜਾਬ ਵਿੱਚ ਹਰ ਸਾਲ ਨਸ਼ਿਆਂ ਨਾਲ ਸਬੰਧਤ ਕਰੀਬ 20,000 ਐਨਡੀਪੀਐਸ ਕੇਸ ਦਰਜ ਹੁੰਦੇ ਹਨ ਅਤੇ ਲਗਭਗ 27,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚੋਂ ਕਰੀਬ 12,000 ਕੇਸਾਂ ਦੀ ਸੁਣਵਾਈ ਸੈਸ਼ਨ ਅਦਾਲਤਾਂ ਵਿੱਚ ਹੁੰਦੀ ਹੈ, ਜਦਕਿ ਹਰ ਸਾਲ ਔਸਤਨ ਸਿਰਫ਼ 5,700 ਕੇਸਾਂ ਦਾ ਹੀ ਨਿਪਟਾਰਾ ਹੋ ਪਾਉਂਦਾ ਹੈ।
ਇਸ ਕਾਰਨ 31 ਅਗਸਤ 2026 ਤੱਕ ਸੂਬੇ ਦੀਆਂ ਅਦਾਲਤਾਂ ਵਿੱਚ ਐਨਡੀਪੀਐਸ ਦੇ 52,577 ਕੇਸ ਲੰਬਿਤ ਸਨ। ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਵਿੱਚ ਔਸਤਨ ਅੱਠ ਸਾਲ ਦਾ ਸਮਾਂ ਲੱਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੱਲੋਂ ਅਗਲੇ ਪੰਜ ਤੋਂ ਸੱਤ ਸਾਲਾਂ ਵਿੱਚ ਲੰਬਿਤ ਕੇਸਾਂ ਦਾ ਬੈਕਲਾਗ ਖ਼ਤਮ ਕਰਨ ਲਈ ਵਾਧੂ ਵਿਸ਼ੇਸ਼ ਐਨਡੀਪੀਐਸ ਅਦਾਲਤਾਂ ਦੀ ਲੋੜ ਦਾ ਮੁਲਾਂਕਣ ਕੀਤਾ ਗਿਆ ਸੀ। ਇਸੇ ਸਿਫ਼ਾਰਸ਼ ਦੇ ਆਧਾਰ ’ਤੇ ਪਹਿਲੇ ਪੜਾਅ ਵਿੱਚ 35 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਨ੍ਹਾਂ ਅਦਾਲਤਾਂ ਦੇ ਸੁਚਾਰੂ ਸੰਚਾਲਨ ਲਈ ਮੰਤਰੀ ਮੰਡਲ ਨੇ ਕੁੱਲ 385 ਨਵੀਆਂ ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ 35 ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, 315 ਸਹਾਇਕ ਸਟਾਫ਼ ਮੈਂਬਰ ਅਤੇ 35 ਸਹਾਇਕ ਜ਼ਿਲ੍ਹਾ ਅਟਾਰਨੀ ਦੀਆਂ ਅਸਾਮੀਆਂ ਸ਼ਾਮਲ ਹਨ। ਇਸ ਪੂਰੇ ਪ੍ਰਾਜੈਕਟ ਲਈ ਬੁਨਿਆਦੀ ਢਾਂਚੇ ਸਮੇਤ ਲਗਭਗ 75 ਕਰੋੜ ਰੁਪਏ ਦਾ ਬਜਟ ਵੀ ਮਨਜ਼ੂਰ ਕੀਤਾ ਗਿਆ ਹੈ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਨਵੀਆਂ ਵਿਸ਼ੇਸ਼ ਅਦਾਲਤਾਂ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਤੱਕ ਮੌਜੂਦਾ ਮਨੋਨੀਤ ਅਦਾਲਤਾਂ ਪਹਿਲਾਂ ਵਾਂਗ ਕੰਮ ਕਰਦੀਆਂ ਰਹਿਣਗੀਆਂ।
ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਸਮਰਪਿਤ ਅਦਾਲਤਾਂ ਦੀ ਸਥਾਪਨਾ ਨਾਲ ਨਸ਼ਾ ਤਸਕਰੀ ਦੇ ਮਾਮਲਿਆਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ, ਮੁਕੱਦਮਿਆਂ ਵਿੱਚ ਹੋਣ ਵਾਲੀ ਦੇਰੀ ਘਟੇਗੀ ਅਤੇ ਲੰਬਿਤ ਕੇਸਾਂ ਦਾ ਬੈਕਲਾਗ ਘਟਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਸਰਕਾਰੀ ਗਵਾਹਾਂ ਦੇ ਸਮੇਂ ਦਾ ਬਿਹਤਰ ਪ੍ਰਬੰਧਨ ਵੀ ਯਕੀਨੀ ਬਣਾਇਆ ਜਾ ਸਕੇਗਾ।
