
ਚੰਡੀਗੜ੍ਹ/ਘਨੌਰ, 29 ਜੁਲਾਈ 2026: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪਟਿਆਲਾ ਦੇ ਘਨੌਰ ਹਲਕੇ ਦੇ 42 ਪਿੰਡਾਂ ਲਈ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਜਲ ਸਰੋਤ, ਖਨਣ ਅਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਗੋਇਲ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਕੋਲ੍ਹੇਮਾਜਰਾ ਵਿਖੇ ₹26.73 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਨਾਲ ਪਹਿਲੀ ਵਾਰ ਹਲਕੇ ਦੇ 42 ਪਿੰਡਾਂ ਦੇ ਹਜ਼ਾਰਾਂ ਕਿਸਾਨਾਂ ਨੂੰ ਨਿਯਮਤ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਆਜ਼ਾਦੀ ਤੋਂ ਪਹਿਲਾਂ ਤੋਂ ਹੀ ਨਹਿਰੀ ਪਾਣੀ ਦੀ ਸਹੂਲਤ ਦੀ ਉਡੀਕ ਕਰ ਰਿਹਾ ਸੀ, ਪਰ ਪਹਿਲੀ ਵਾਰ ਕਿਸੇ ਸਰਕਾਰ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਲਿਫ਼ਟ ਸਿੰਚਾਈ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲਿਆ ਹੈ।
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵੱਲ ਵੱਡਾ ਕਦਮ
ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਵਿੱਚ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਹੈ। ਇਸੇ ਮਕਸਦ ਨਾਲ ਪਹਿਲੀ ਵਾਰ ਵੱਡੇ ਪੱਧਰ ‘ਤੇ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਲਿਫ਼ਟ ਸਿਸਟਮ ਰਾਹੀਂ ਖੇਤਾਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟੇਗੀ, ਬਿਜਲੀ ਦੀ ਬਚਤ ਹੋਵੇਗੀ ਅਤੇ ਭੂ-ਜਲ ਸੰਭਾਲ ਨੂੰ ਨਵੀਂ ਤਾਕਤ ਮਿਲੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨਹਿਰੀ ਪਾਣੀ ਨੂੰ ਸਿਰਫ਼ ਹੈੱਡ ਤੱਕ ਨਹੀਂ, ਸਗੋਂ ਟੇਲਾਂ ਤੱਕ ਵੀ ਪਹੁੰਚਾਇਆ ਜਾਵੇਗਾ ਅਤੇ ਹੁਣ ਇਹ ਵਾਅਦਾ ਅਮਲੀ ਰੂਪ ਧਾਰ ਰਿਹਾ ਹੈ। ਘਨੌਰ ਦੇ ਕਈ ਪਿੰਡ ਨਹਿਰ ਦੇ ਨੇੜੇ ਹੋਣ ਦੇ ਬਾਵਜੂਦ ਸਿੰਚਾਈ ਦੇ ਪਾਣੀ ਤੋਂ ਵਾਂਝੇ ਰਹਿੰਦੇ ਸਨ, ਪਰ ਹੁਣ ਉਨ੍ਹਾਂ ਦੇ ਖੇਤਾਂ ਤੱਕ ਵੀ ਨਹਿਰੀ ਪਾਣੀ ਪਹੁੰਚੇਗਾ।
38 ਪਿੰਡਾਂ ਲਈ 36.39 ਕਿਲੋਮੀਟਰ ਲੰਬੀ ਪਾਈਪਲਾਈਨ
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ₹22.23 ਕਰੋੜ ਦੀ ਲਾਗਤ ਨਾਲ ਪੁਰਾਣਾ ਰਾਜਖਾਂਟ (ਬਨੂੜ ਕੈਨਾਲ) ਤੋਂ ਲਿਫ਼ਟ ਸਿਸਟਮ ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਗਈ ਹੈ। ਇਸ ਯੋਜਨਾ ਤਹਿਤ 38 ਪਿੰਡਾਂ ਦੇ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਨਾਲ ਜੋੜਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।
ਘੜਾਮ ਰਜਬਾਹੇ ਦੀ ਕੰਕਰੀਟ ਲਾਈਨਿੰਗ ਨਾਲ ਹੋਰ 4 ਪਿੰਡਾਂ ਨੂੰ ਲਾਭ
ਇਸ ਤੋਂ ਇਲਾਵਾ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਹਿੱਸੇ ਨੂੰ ₹4.50 ਕਰੋੜ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ। ਇਸ ਪ੍ਰਾਜੈਕਟ ਨਾਲ ਚਾਰ ਹੋਰ ਪਿੰਡਾਂ ਦੇ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਿਯਮਤ ਨਹਿਰੀ ਪਾਣੀ ਮਿਲੇਗਾ।
ਹੜ੍ਹਾਂ ਤੋਂ ਬਚਾਅ ਲਈ ਵੀ ਵੱਡੇ ਪੱਧਰ ‘ਤੇ ਕੰਮ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਸੂਬੇ ਭਰ ਵਿੱਚ ₹450 ਕਰੋੜ ਖਰਚ ਕੀਤੇ ਹਨ, ਜੋ ਪਿਛਲੇ ਪੰਜਾਹ ਸਾਲਾਂ ਦੌਰਾਨ ਸਭ ਤੋਂ ਵੱਡਾ ਨਿਵੇਸ਼ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਦਰਿਆ ‘ਤੇ ਹੜ੍ਹ ਰੋਕੂ ਕੰਮਾਂ ਲਈ ₹13 ਕਰੋੜ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ ਹੜ੍ਹਾਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ।
ਗੁਰਲਾਲ ਘਨੌਰ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਵਿਧਾਇਕ ਗੁਰਲਾਲ ਘਨੌਰ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਘਨੌਰ ਹਲਕੇ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਕੀਤੀ ਹੈ ਅਤੇ ਲਿਫ਼ਟ ਸਿੰਚਾਈ ਪ੍ਰਾਜੈਕਟ ਇਸ ਦਾ ਸਭ ਤੋਂ ਵੱਡਾ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਸਗੋਂ ਕਿਸਾਨਾਂ ਦੇ ਡੀਜ਼ਲ, ਬਿਜਲੀ ਅਤੇ ਸਿੰਚਾਈ ਦੇ ਖਰਚਿਆਂ ਵਿੱਚ ਵੀ ਵੱਡੀ ਕਮੀ ਆਵੇਗੀ।
ਕਿਸਾਨਾਂ ਨੇ ਕਿਹਾ—ਦਹਾਕਿਆਂ ਪੁਰਾਣੀ ਮੰਗ ਹੋਈ ਪੂਰੀ
ਇਲਾਕੇ ਦੇ ਕਿਸਾਨਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਸਾਲਾਂ ਤੋਂ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਸਨ, ਪਰ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਨਿਯਮਤ ਨਹਿਰੀ ਪਾਣੀ ਮਿਲਣ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਖੇਤੀ ਦੀ ਲਾਗਤ ਵੀ ਘਟੇਗੀ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸਮਾਗਮ ਦੌਰਾਨ ਸਿੰਚਾਈ ਵਿਭਾਗ, ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਰਹੇ।
