
ਪਠਾਨਕੋਟ, 18 ਮਾਰਚ 2026: ਪਠਾਨਕੋਟ ਜ਼ਿਲ੍ਹੇ ਵਿੱਚ ਨਾਗਰਿਕਾਂ ਨੂੰ ਹੋਰ ਸੁਧਰੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਹੋਰ ਅਹਿਮ ਕਦਮ ਉਠਾਇਆ ਗਿਆ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਆਨਲਾਈਨ ਬੈਠਕ ਕਰਵਾਈ ਗਈ।
ਇਸ ਬੈਠਕ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕੀਤੀ। ਉਨ੍ਹਾਂ ਜ਼ਿਲ੍ਹੇ ਵਿੱਚ ਜਾਰੀ ਰਜਿਸਟ੍ਰੇਸ਼ਨ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਡਾ. ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਨਾਗਰਿਕ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਯੋਜਨਾ ਹੇਠ ਤੇਜ਼ ਗਤੀ ਨਾਲ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀ ਥਾਂ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹਕਦਾਰ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵਿਅਕਤੀ ਸਰਕਾਰੀ ਹਸਪਤਾਲਾਂ ਜਾਂ ਸੀਐਚਸੀ ਕੇਂਦਰਾਂ ਵਿੱਚ ਇਲਾਜ ਲਈ ਆਉਂਦੇ ਹਨ, ਉਹ ਆਪਣੇ ਨਾਲ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰ ਲਿਆਉਣ। ਇਸ ਨਾਲ ਉਨ੍ਹਾਂ ਦੀ ਤੁਰੰਤ ਰਜਿਸਟ੍ਰੇਸ਼ਨ ਕਰਕੇ ਸਿਹਤ ਬੀਮਾ ਕਾਰਡ ਜਲਦੀ ਜਾਰੀ ਕੀਤਾ ਜਾ ਸਕੇਗਾ ਅਤੇ ਉਹ ਤੁਰੰਤ ਮੁਫ਼ਤ ਇਲਾਜ ਦੀ ਸਹੂਲਤ ਹਾਸਲ ਕਰ ਸਕਣਗੇ।
ਡਾ. ਪੱਲਵੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਿਰਧਾਰਿਤ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਆਪਣੀ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਅਤੇ ਇਸ ਮਹੱਤਵਪੂਰਨ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਆਯੁਸ਼ਮਾਨ ਕਾਰਡ ਪਹਿਲਾਂ ਹੀ ਬਣੇ ਹੋਏ ਹਨ, ਉਨ੍ਹਾਂ ਲਈ ਕੇਵਾਈਸੀ ਕਰਵਾਉਣਾ ਲਾਜ਼ਮੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਯੋਜਨਾ ਸਾਰੇ ਪੰਜਾਬ ਵਿੱਚ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।
ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ। ਸਰਕਾਰ ਦਾ ਇਹ ਉਪਰਾਲਾ ਲੋਕਾਂ ਦੀ ਸਿਹਤ ਸੁਰੱਖਿਆ ਮਜ਼ਬੂਤ ਕਰਨ ਵੱਲ ਇੱਕ ਪੱਕਾ ਕਦਮ ਮੰਨਿਆ ਜਾ ਰਿਹਾ ਹੈ।
