Saturday, November 7Punjabi People

ਦੀਵਾਲੀ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 6,507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ’ਚ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ

ਚੰਡੀਗੜ੍ਹ, 7 ਨਵੰਬਰ 2026: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਸੂਬੇ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ (ਡੀਏ) ਵਿੱਚ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਮੱਗਰ ਸਿੱਖਿਆ ਅਧੀਨ ਕੰਮ ਕਰ ਰਹੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਨੂੰ ਮੁਲਾਜ਼ਮਾਂ ਦੀ ਵਿੱਤੀ ਅਤੇ ਸੇਵਾ ਸੁਰੱਖਿਆ ਦੇ ਪੱਖ ਤੋਂ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ਵਿੱਚ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਾਧੇ ਨਾਲ ਉਨ੍ਹਾਂ ਦਾ ਮਹਿੰਗਾਈ ਭੱਤਾ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਅਧਿਆਪਕਾਂ ਨੂੰ ਵਿੱਤੀ ਰਾਹਤ ਦੇਣ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਮਹੱਤਤਾ ਨੂੰ ਮਾਨਤਾ ਦੇਣ ਵੱਲ ਇੱਕ ਅਹਿਮ ਉਪਰਾਲਾ ਹੈ।

1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਮਿਲੇਗੀ ਸੇਵਾ ਸੁਰੱਖਿਆ

ਮੁੱਖ ਮੰਤਰੀ ਨੇ ਦੱਸਿਆ ਕਿ ਸਮੱਗਰ ਸਿੱਖਿਆ ਤਹਿਤ ਕੰਮ ਕਰ ਰਹੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਨਾਲ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਨੌਕਰੀ ਸੁਰੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਅਨਿਸ਼ਚਿਤਤਾ ਘਟੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਮੁਲਾਜ਼ਮਾਂ ਨੂੰ ਨਾ ਸਿਰਫ਼ ਸੇਵਾ ਸੁਰੱਖਿਆ ਮਿਲੇਗੀ, ਸਗੋਂ ਉਨ੍ਹਾਂ ਦੀਆਂ ਵਿੱਤੀ ਸਹੂਲਤਾਂ ਵਿੱਚ ਵੀ ਸੁਧਾਰ ਹੋਵੇਗਾ।

ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਸਰਕਾਰ ਦੀ ਤਰਜੀਹ: ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਤੇ ਲਾਭ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਭਲਾਈ ਨਾਲ ਜੁੜੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰ ਮੁਲਾਜ਼ਮ ਨੂੰ ਉਸ ਦੀ ਮਿਹਨਤ ਅਤੇ ਸੇਵਾ ਅਨੁਸਾਰ ਬਣਦੇ ਲਾਭ ਮਿਲ ਸਕਣ।

ਅੰਤ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਅਤੇ ਸਮੂਹ ਮੁਲਾਜ਼ਮਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਸੂਬੇ ਦੇ ਹਰ ਘਰ ਵਿੱਚ ਖ਼ੁਸ਼ਹਾਲੀ, ਤਰੱਕੀ, ਅਮਨ ਅਤੇ ਖੁਸ਼ੀਆਂ ਲੈ ਕੇ ਆਵੇ।

Leave a Reply

Your email address will not be published. Required fields are marked *