Wednesday, July 29Punjabi People

ਮਾਨ ਸਰਕਾਰ ਨੇ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਵਿੱਚ ਸੋਧ ਅਤੇ ਅਪਡੇਟ ਲਈ ਸਮਾਂ-ਸੀਮਾ ਵਧਾਉਣ ਨੂੰ ਦਿੱਤੀ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਇੱਕ ਹੋਰ ਮਹੱਤਵਪੂਰਨ ਅਤੇ ਲੋਕ-ਪੱਖੀ ਫ਼ੈਸਲਾ ਲਿਆ ਹੈ। ਸੂਬਾ ਸਰਕਾਰ ਨੇ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ’ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਲੋਡ ਅਤੇ ਅਪਡੇਟ ਕਰਨ ਦੀ ਸਮਾਂ-ਸੀਮਾ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਦੀ ਘਾਟ ਜਾਂ ਪ੍ਰਸ਼ਾਸਨਿਕ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਜਾਂ ਦਾਖਲਾ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਅਜੇ ਤੱਕ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਇਹ ਦਸਤਾਵੇਜ਼ ਪ੍ਰਾਪਤ ਕਰਕੇ ਪੋਰਟਲ ’ਤੇ ਅਪਡੇਟ ਕਰਨ ਲਈ 30 ਅਕਤੂਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਰਜਿਸਟ੍ਰੇਸ਼ਨ ਦੌਰਾਨ ਜਨਮ ਸਰਟੀਫਿਕੇਟ ਜਾਂ ਹੋਰ ਸਬੰਧਤ ਵੇਰਵਿਆਂ ਵਿੱਚ ਲੋੜੀਂਦੇ ਸੁਧਾਰ ਕਰਵਾਉਣ ਅਤੇ ਉਨ੍ਹਾਂ ਨੂੰ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ’ਤੇ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਨਾਲ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੇ ਦਸਤਾਵੇਜ਼ ਸਹੀ ਕਰਵਾਉਣ ਦਾ ਮੌਕਾ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਡਿਜੀਟਲ, ਪਾਰਦਰਸ਼ੀ ਅਤੇ ਵਿਦਿਆਰਥੀ-ਕੇਂਦਰਿਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਡਿਜੀਟਲ ਪ੍ਰਣਾਲੀ ਨੂੰ ਲਾਗੂ ਕਰਨਾ ਹੀ ਨਹੀਂ, ਸਗੋਂ ਇਹ ਵੀ ਯਕੀਨੀ ਬਣਾਉਣਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਜਾਂ ਤਕਨੀਕੀ ਕਾਰਨਾਂ ਕਰਕੇ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਸੂਬੇ ਵਿੱਚ ਕਾਗਜ਼-ਰਹਿਤ, ਪਾਰਦਰਸ਼ੀ, ਸਮੇਂ ਦੀ ਬਚਤ ਕਰਨ ਵਾਲੀ ਅਤੇ ਕੁਸ਼ਲ ਸਿੱਖਿਆ ਪ੍ਰਣਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਜਾਣਦੇ ਹਾਂ ਕਿ ਕਈ ਪਰਿਵਾਰਾਂ ਨੂੰ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਪ੍ਰਾਪਤ ਕਰਨ ਜਾਂ ਉਨ੍ਹਾਂ ਵਿੱਚ ਸੋਧ ਕਰਵਾਉਣ ਲਈ ਸਮਾਂ ਲੱਗਦਾ ਹੈ। ਇਸ ਲਈ ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲੋੜੀਂਦੀ ਰਾਹਤ ਦਿੰਦਿਆਂ ਸਮਾਂ-ਸੀਮਾ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸਾਡਾ ਪੱਕਾ ਵਿਸ਼ਵਾਸ ਹੈ ਕਿ ਕੋਈ ਵੀ ਦਫ਼ਤਰੀ ਜਾਂ ਤਕਨੀਕੀ ਪ੍ਰਕਿਰਿਆ ਕਿਸੇ ਬੱਚੇ ਦੀ ਸਿੱਖਿਆ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ।”

ਸਿੱਖਿਆ ਮੰਤਰੀ ਨੇ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਪਿਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਜਿਨ੍ਹਾਂ ਵਿਦਿਆਰਥੀਆਂ ਦੇ ਦਸਤਾਵੇਜ਼ ਅਜੇ ਅਪਡੇਟ ਨਹੀਂ ਹੋਏ, ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਜਾਣਕਾਰੀ ਅਤੇ ਸਹਿਯੋਗ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣ ਕਿ ਨਿਰਧਾਰਤ ਵਧੀ ਹੋਈ ਸਮਾਂ-ਸੀਮਾ ਦੇ ਅੰਦਰ ਸਾਰੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਅਤੇ ਸਫ਼ਲਤਾਪੂਰਵਕ ਮੁਕੰਮਲ ਹੋ ਜਾਵੇ।

ਸ. ਬੈਂਸ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਦੀ ਉਸ ਵਿਆਪਕ ਨੀਤੀ ਦਾ ਹਿੱਸਾ ਹੈ, ਜਿਸ ਤਹਿਤ ਤਕਨਾਲੋਜੀ ਦੀ ਮਦਦ ਨਾਲ ਸਿੱਖਿਆ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਉਸ ਕਦਮ ਲਈ ਵਚਨਬੱਧ ਹੈ ਜੋ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕਰੇ, ਸਿੱਖਿਆ ਤੱਕ ਉਨ੍ਹਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਏ ਅਤੇ ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰੇ।

Leave a Reply

Your email address will not be published. Required fields are marked *