
ਚੰਡੀਗੜ੍ਹ, 1 ਅਗਸਤ 2026: ਪੰਜਾਬ ਦੀਆਂ ਕਰੀਬ 40 ਲੱਖ ਮਹਿਲਾਵਾਂ ਲਈ ਅੱਜ ਵੱਡਾ ਦਿਨ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਠਾਨਕੋਟ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਨਾਲ ਲਾਭਪਾਤਰੀ ਮਹਿਲਾਵਾਂ ਦੇ ਮੋਬਾਈਲਾਂ ‘ਤੇ ਰਕਮ ਜਮ੍ਹਾਂ ਹੋਣ ਦੇ ਸੁਨੇਹੇ ਆਉਣੇ ਸ਼ੁਰੂ ਹੋ ਜਾਣਗੇ।
ਇਸ ਵਾਰ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 4,500 ਰੁਪਏ ਦੀ ਇਕੱਠੀ ਤਿੰਨ ਮਹੀਨਿਆਂ ਦੀ ਕਿਸ਼ਤ ਮਿਲੇਗੀ। ਇਹ ਰਕਮ ਉਨ੍ਹਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਣ ਕਾਰਨ ਉਹ ਪਿਛਲੀ ਕਿਸ਼ਤ ਤੋਂ ਵਾਂਝੀਆਂ ਰਹਿ ਗਈਆਂ ਸਨ।
ਸਰਕਾਰ ਦੇ ਅਨੁਸਾਰ, ਇਸ ਤੋਂ ਪਹਿਲਾਂ 32 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜੀ ਜਾ ਚੁੱਕੀ ਹੈ। ਦੂਜੀ ਕਿਸ਼ਤ ਜਾਰੀ ਹੋਣ ਤੋਂ ਬਾਅਦ ਯੋਜਨਾ ਦਾ ਲਾਭ ਲੈਣ ਵਾਲੀਆਂ ਮਹਿਲਾਵਾਂ ਦੀ ਗਿਣਤੀ 72 ਲੱਖ ਤੱਕ ਪਹੁੰਚ ਜਾਵੇਗੀ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਦੀਆਂ ਸਭ ਤੋਂ ਵੱਡੀਆਂ ਗਾਰੰਟੀਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਅਤੇ ਸੇਵਾਮੁਕਤ ਕਰਮਚਾਰੀ, ਆਮਦਨ ਕਰ ਦਾਤਾ, ਮੌਜੂਦਾ ਅਤੇ ਸਾਬਕਾ ਵਿਧਾਇਕ ਤੇ ਸੰਸਦ ਮੈਂਬਰ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਹਨ। ਹਾਲਾਂਕਿ, ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ ਅਤੇ ਇੱਕੋ ਪਰਿਵਾਰ ਦੀਆਂ ਕਈ ਯੋਗ ਮਹਿਲਾਵਾਂ ਅਰਜ਼ੀ ਦੇ ਸਕਦੀਆਂ ਹਨ।
ਸਰਕਾਰੀ ਅੰਕੜਿਆਂ ਮੁਤਾਬਕ, ਯੋਜਨਾ ਲਈ ਰਜਿਸਟ੍ਰੇਸ਼ਨ ਵਿੱਚ ਪਟਿਆਲਾ ਜ਼ਿਲ੍ਹਾ 5.50 ਲੱਖ ਤੋਂ ਵੱਧ ਅਰਜ਼ੀਆਂ ਨਾਲ ਪਹਿਲੇ, ਜਦਕਿ ਅੰਮ੍ਰਿਤਸਰ ਦੂਜੇ ਸਥਾਨ ‘ਤੇ ਹੈ। ਸਿਰਫ਼ ਜੁਲਾਈ ਮਹੀਨੇ ਦੌਰਾਨ 37 ਲੱਖ ਤੋਂ ਵੱਧ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾਈ, ਜਦਕਿ ਜੂਨ ਵਿੱਚ ਇਹ ਗਿਣਤੀ ਕਰੀਬ 33 ਲੱਖ ਰਹੀ ਸੀ।
ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਯੋਜਨਾ ‘ਤੇ ਰੋਕ ਸਬੰਧੀ ਚੱਲ ਰਹੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਯੋਜਨਾ ‘ਤੇ ਕੋਈ ਰੋਕ ਨਹੀਂ ਲਗਾਈ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਯੋਜਨਾ ਨੂੰ ਪਹਿਲਾਂ ਵਾਂਗ ਹੀ ਲਾਗੂ ਕਰ ਰਹੀ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਭਗਵੰਤ ਮਾਨ ਸਰਕਾਰ ਆਪਣੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਨ ਲਈ ਵਚਨਬੱਧ ਹੈ।
