Wednesday, July 29Punjabi People

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ

ਹੁਸ਼ਿਆਰਪੁਰ, 22 ਅਪ੍ਰੈਲ 2026: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਕਰੀਬ 40 ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਡਾ. ਚੱਬੇਵਾਲ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੇ ਲਾਗੂ ਕਰਨ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਨਾ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਹਰ ਯੋਗ ਲਾਭਪਾਤਰੀ ਤੱਕ ਸਕੀਮਾਂ ਦਾ ਲਾਭ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ, ਖਾਸ ਕਰਕੇ ਕੰਢੀ ਖੇਤਰਾਂ ਵਿੱਚ।

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਪੱਕੇ ਘਰਾਂ ਲਈ ਵਿੱਤੀ ਸਹਾਇਤਾ ਦੇ ਮਾਮਲਿਆਂ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਰਕਮ ਤਿੰਨ ਕਿਸ਼ਤਾਂ ਵਿੱਚ ਸਮੇਂ ਸਿਰ ਜਾਰੀ ਕੀਤੀ ਜਾਵੇ।

ਐਮ.ਪੀ. ਲੈਡ ਸਕੀਮ ਅਧੀਨ ਮਨਜ਼ੂਰ 140 ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਉਨ੍ਹਾਂ ਪੂਰੇ ਹੋਏ ਕਾਰਜਾਂ ‘ਤੇ ਸੰਤੁਸ਼ਟੀ ਜਤਾਈ ਅਤੇ ਬਾਕੀ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਕਿਹਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਊਨਾ ਰੋਡ ਦੀ ਮੁਰੰਮਤ ਦੇ ਮੁੱਦੇ ‘ਤੇ ਉਨ੍ਹਾਂ ਐਨ.ਐਚ.ਏ.ਆਈ., ਜੰਗਲਾਤ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਸ ਸੜਕ ਨੂੰ ਸੁਧਾਰਨ ਲਈ ਕਿਹਾ।

ਮੈਡੀਕਲ ਕਾਲਜ ਦੇ ਪ੍ਰੋਜੈਕਟ ਬਾਰੇ ਪੁੱਛੇ ਜਾਣ ‘ਤੇ ਅਧਿਕਾਰੀਆਂ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ ਅਤੇ ਇਹ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ।

ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਤੇ ਹੋਰ ਕਈ ਸੜਕ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਮਤੱਸਯ ਸੰਪਦਾ ਯੋਜਨਾ, ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਸਵੱਛ ਭਾਰਤ ਮਿਸ਼ਨ, ਮਨਰੇਗਾ ਅਤੇ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ‘ਤੇ ਵੀ ਚਰਚਾ ਕੀਤੀ ਗਈ।

ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਲਾਭ ਹਰ ਲਾਭਪਾਤਰੀ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕਾਰਜਾਂ ਦੀ ਨਿਗਰਾਨੀ ਕਰਦਿਆਂ ਕੁਆਲਟੀ, ਪਾਰਦਰਸ਼ਤਾ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਆਪਣੇ-ਆਪਣੇ ਹਲਕਿਆਂ ਨਾਲ ਸੰਬੰਧਤ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰਨ ‘ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਨਿਧੀ ਕੁਮੁਦ ਬੰਬਾਹ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *