Saturday, September 12Punjabi People

ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਵਫ਼ਦਾਂ ਨਾਲ ਮੀਟਿੰਗਾਂ

ਚੰਡੀਗੜ੍ਹ, 26 ਅਗਸਤ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।

ਕਿਸਾਨ ਭਵਨ ਵਿਖੇ ਹੋਈਆਂ ਇਨ੍ਹਾਂ ਵੱਖ-ਵੱਖ ਮੀਟਿੰਗਾਂ ਦੌਰਾਨ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਠੇਕਾ ਆਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ। ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰਾਂ ਰਾਹੀਂ ਰੈਗੂਲਰਾਈਜ਼ੇਸ਼ਨ, ਸੇਵਾ ਨਾਲ ਸਬੰਧਤ ਮਾਮਲਿਆਂ ਅਤੇ ਕੰਮਕਾਜ ਨਾਲ ਜੁੜੇ ਹੋਰ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕਰਨ ਦਾ ਭਰੋਸਾ

ਗੱਲਬਾਤ ਦੌਰਾਨ ਸ. ਖੁੱਡੀਆਂ ਨੇ ਮੁਲਾਜ਼ਮਾਂ ਵੱਲੋਂ ਉਠਾਏ ਗਏ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗੀ ਅਧਿਕਾਰ ਖੇਤਰ ਵਿੱਚ ਆਉਂਦੇ ਮਾਮਲਿਆਂ ਦਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਨਿਪਟਾਰਾ ਕੀਤਾ ਜਾਵੇ।

ਮੰਤਰੀ ਨੇ ਵਫ਼ਦਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਦੀ ਪਹਿਲ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਨਿਯਮਾਂ ਅਤੇ ਨੀਤੀਆਂ ਦੇ ਦਾਇਰੇ ਵਿੱਚ ਜਾਇਜ਼ ਪਾਈਆਂ ਜਾਣਗੀਆਂ, ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

ਸ. ਖੁੱਡੀਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਕਾਰਗੁਜ਼ਾਰੀ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਤ ਮਾਮਲਿਆਂ ਦੀ ਨਿਯਮਾਂ ਅਨੁਸਾਰ ਡੂੰਘਾਈ ਨਾਲ ਘੋਖ ਕੀਤੀ ਜਾਵੇ ਅਤੇ ਜਿੱਥੇ ਵੀ ਸੰਭਵ ਹੋਵੇ, ਉੱਥੇ ਸਮਾਂਬੱਧ ਕਾਰਵਾਈ ਕੀਤੀ ਜਾਵੇ।

ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *