
ਟਾਂਡਾ / ਚੰਡੀਗੜ੍ਹ, 19 ਅਪ੍ਰੈਲ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਟਾਂਡਾ ਦੀ ਦਾਣਾ ਮੰਡੀ ਵਿੱਚ ਵਿਸ਼ੇਸ਼ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਮੰਤਰੀ ਨੇ ਅਨਾਜ ਦੀ ਲਿਫਟਿੰਗ ਅਤੇ ਖਰੀਦ ਪ੍ਰਕਿਰਿਆ ਨੂੰ ਨਜ਼ਦੀਕੀ ਨਾਲ ਵੇਖਦੇ ਹੋਏ ਉਸ ਦੀ ਪੂਰੀ ਸਮੀਖਿਆ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅੰਨਦਾਤਿਆਂ ਦੀ ਮਿਹਨਤ ਦਾ ਹਰ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਕਿਸਾਨ ਨਾਲ ਕੋਈ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਸਰਕਾਰ ਨੂੰ ਪੂਰੀ ਜਾਣਕਾਰੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਮੰਤਰੀ ਨੇ ਦੱਸਿਆ ਕਿ ਮੌਜੂਦਾ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਰਕਮ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ‘ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਣਕ ਦੀ ਤੁਰੰਤ ਸਾਂਭ-ਸੰਭਾਲ ਹੋ ਸਕੇ।
ਇਸ ਦੇ ਨਾਲ ਹੀ, ਖਰੀਦ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਖਾਲਾ ਬਣਾਉਣ ਲਈ ਸਰਕਾਰ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਕਿਸਾਨਾਂ ਦੀ ਸਹੂਲਤ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਨਾਲ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ। ਸੂਬੇ ਭਰ ਵਿੱਚ ਖਾਸ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ ਨਾ ਜਾਣਾ ਪਵੇ ਅਤੇ ਉਨ੍ਹਾਂ ਦਾ ਸਮਾਂ ਬਚੇ।
ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦੀ ਉਚਿਤ ਕੀਮਤ ਬਿਨਾਂ ਦੇਰੀ ਦੇ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਈ ਜਾਵੇ। ਇਸ ਤੋਂ ਇਲਾਵਾ, ਕਿਸਾਨਾਂ ਦੀ ਸਹਾਇਤਾ ਲਈ ਟੋਲ-ਫਰੀ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿੱਥੇ ਉਹ ਆਪਣੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਲੈ ਸਕਦੇ ਹਨ।
