
ਅੰਮ੍ਰਿਤਸਰ, 24 ਜੁਲਾਈ 2026: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਧਾਰਮਿਕ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸੰਗਤ ਨੂੰ ਗੁਰਮਤਿ ਦੇ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ ਨਾਲ ਜੋੜਨਾ ਹੈ।
ਮਾਰਚ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਤੋਂ ਬਾਅਦ ਹੋਵੇਗੀ। ਇਸ ਮੌਕੇ ‘ਤੇ ਸਿੰਘ ਸਾਹਿਬਾਨ, ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ, ਧਾਰਮਿਕ ਵਿਦਵਾਨ ਅਤੇ ਪੰਥ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਿਕਲੇਗਾ ਮਾਰਚ
ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਕੱਢਿਆ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਮਕਸਦ ਗੁਰਮਤਿ ਵਿਚਾਰਧਾਰਾ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ, ਮਰਿਆਦਾ ਅਤੇ ਹੁਕਮਾਂ ਨਾਲ ਜਾਣੂ ਕਰਵਾਉਣਾ ਹੈ।
ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਇਤਿਹਾਸਕ ਹਥਿਆਰ ਹੋਣਗੇ ਆਕਰਸ਼ਣ ਦਾ ਕੇਂਦਰ
ਮਾਰਚ ਦੌਰਾਨ ਸੰਗਤ ਲਈ ਇੱਕ ਵਿਸ਼ੇਸ਼ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਨਾਲ ਸਬੰਧਤ ਇਤਿਹਾਸਕ ਹਥਿਆਰ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿੱਖ ਇਤਿਹਾਸ, ਖਾਲਸਾ ਪੰਥ ਦੀਆਂ ਕੁਰਬਾਨੀਆਂ ਅਤੇ ਸੰਘਰਸ਼ ਨੂੰ ਦਰਸਾਉਂਦੇ ਪੋਸਟਰਾਂ ਅਤੇ ਝਾਕੀਆਂ ਨਾਲ ਸਜਾਏ ਵਾਹਨ ਵੀ ਮਾਰਚ ਦਾ ਹਿੱਸਾ ਬਣਨਗੇ।
ਇਹ ਰਹੇਗਾ ਮਾਰਚ ਦਾ ਰੂਟ
ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਹਾਲ ਗੇਟ, ਭੰਡਾਰੀ ਪੁਲ, ਕਠਪੁਤਲੀ ਘਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਛੇਹਰਟਾ ਸਾਹਿਬ, ਇੰਡੀਆ ਗੇਟ ਬਾਈਪਾਸ, ਖਾਸਾ, ਘਰਿੰਡਾ ਅਤੇ ਅਟਾਰੀ ਸਮੇਤ ਕਈ ਪਿੰਡਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਠੱਠਾ (ਤਰਨ ਤਾਰਨ) ਵਿਖੇ ਪਹੁੰਚੇਗਾ, ਜਿੱਥੇ ਰਾਤ ਦਾ ਵਿਸ਼ਰਾਮ ਕੀਤਾ ਜਾਵੇਗਾ।
25 ਜੁਲਾਈ ਨੂੰ ਤਰਨ ਤਾਰਨ ਵੱਲ ਅਗਲਾ ਪੜਾਅ
ਪ੍ਰਬੰਧਕਾਂ ਅਨੁਸਾਰ 25 ਜੁਲਾਈ ਨੂੰ ਮਾਰਚ ਆਪਣੇ ਅਗਲੇ ਪੜਾਅ ਵਜੋਂ ਤਰਨ ਤਾਰਨ ਸਾਹਿਬ ਵੱਲ ਰਵਾਨਾ ਹੋਵੇਗਾ। ਸਿੱਖ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਅਤੇ ਧਾਰਮਿਕ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਗੁਰੂ ਸਾਹਿਬਾਨ ਦੇ ਮੀਰੀ-ਪੀਰੀ ਦੇ ਮਹਾਨ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।
