Saturday, June 6Punjabi People

ਮੋਗਾ ਪੁਲਿਸ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 78 ਕੇਸ ਦਰਜ ਤੇ 101 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 6 ਜੂਨ 2026: ਮੋਗਾ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ ਹਨ। 23 ਮਈ ਤੋਂ 5 ਜੂਨ 2026 ਤੱਕ ਚੱਲੇ ਵਿਸ਼ੇਸ਼ ਅਭਿਆਨ ਦੌਰਾਨ ਪੁਲਿਸ ਨੇ ਕੁੱਲ 78 ਮਾਮਲੇ ਦਰਜ ਕਰਕੇ 101 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸਐਸਪੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ, ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰੀਆਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਇਸ ਮਿਸ਼ਨ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ

ਮੁਹਿੰਮ ਦੌਰਾਨ ਪੁਲਿਸ ਨੇ 57 ਐਨਡੀਪੀਐਸ ਕੇਸ ਦਰਜ ਕਰਕੇ 69 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ 1.650 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫ਼ੀਮ, 627 ਨਸ਼ੀਲੀਆਂ ਗੋਲੀਆਂ ਅਤੇ 41,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਤੋਂ ਇਲਾਵਾ, ਪੁਲਿਸ ਵੱਲੋਂ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਛੇ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਏ ਗਏ। “ਡਰੱਗ ਹੌਟ ਸਪਾਟ” ਵਜੋਂ ਪਛਾਣੇ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ 14 ਹੋਰ ਕੇਸ ਦਰਜ ਕੀਤੇ ਗਏ ਅਤੇ 16 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਸ਼ਰਾਬ ਤਸਕਰੀ ਅਤੇ ਗੈਰ-ਕਾਨੂੰਨੀ ਭੱਠੀਆਂ ‘ਤੇ ਸ਼ਿਕੰਜਾ

ਮੋਗਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਵੀ ਸਖ਼ਤ ਰੁਖ਼ ਅਪਣਾਇਆ। ਇਸ ਦੌਰਾਨ ਛੇ ਮਾਮਲੇ ਦਰਜ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 393 ਲੀਟਰ ਠੇਕਾ ਸ਼ਰਾਬ, 7.5 ਲੀਟਰ ਨਾਜਾਇਜ਼ ਸ਼ਰਾਬ, 330 ਲੀਟਰ ਕੱਚੀ ਸ਼ਰਾਬ ਅਤੇ ਇੱਕ ਚੱਲਦੀ ਭੱਠੀ ਬਰਾਮਦ ਕਰਕੇ ਜ਼ਬਤ ਕੀਤੀ।

ਹਥਿਆਰਾਂ ਅਤੇ ਹੋਰ ਅਪਰਾਧਾਂ ਖ਼ਿਲਾਫ਼ ਵੀ ਕਾਰਵਾਈ

ਆਰਮਜ਼ ਐਕਟ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਇੱਕ ਮਾਮਲਾ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਪੁਲਿਸ ਨੇ ਇਸ ਅਰਸੇ ਦੌਰਾਨ ਚਾਰ ਐਲਾਨੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਸਵਿਫਟ ਕਾਰ ਦੀ ਬੈਟਰੀ, ਦੋ ਮੋਟਰਸਾਈਕਲ ਅਤੇ 4,000 ਰੁਪਏ ਨਕਦ ਬਰਾਮਦ ਕੀਤੇ ਗਏ।

ਜਾਗਰੂਕਤਾ ਮੁਹਿੰਮਾਂ ‘ਤੇ ਵੀ ਦਿੱਤਾ ਜਾ ਰਿਹਾ ਜ਼ੋਰ

ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ। ਇਸ ਲਈ ਗਜ਼ਟਿਡ ਅਧਿਕਾਰੀਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ 105 ਜਾਗਰੂਕਤਾ ਸੈਮੀਨਾਰ, ਮੀਟਿੰਗਾਂ ਅਤੇ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ, ਪੰਚਾਇਤਾਂ, ਖੇਡ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।

ਲੋਕਾਂ ਨੂੰ ਸਹਿਯੋਗ ਦੀ ਅਪੀਲ

ਐਸਐਸਪੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੁਹਰਾਇਆ ਕਿ ਮੋਗਾ ਪੁਲਿਸ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Leave a Reply

Your email address will not be published. Required fields are marked *