Wednesday, July 29Punjabi People

ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਸਰਵੋਚ ਤਰਜੀਹ ਦਿੰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵਿਦਿਆਰਥਣਾਂ ਵੱਲੋਂ ਦੁਰਵਿਵਹਾਰ ਅਤੇ ਧਮਕੀਆਂ ਸਬੰਧੀ ਕੀਤੀਆਂ ਗੰਭੀਰ ਸ਼ਿਕਾਇਤਾਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਲਿਆ ਗਿਆ ਹੈ। ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਮੁਕੰਮਲ ਹੋਣ ਤੱਕ ਸੰਬੰਧਿਤ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸ਼ਿਕਾਇਤਾਂ ਅਨੁਸਾਰ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਅਣਚਾਹੇ ਢੰਗ ਨਾਲ ਛੂਹਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਵਿਦਿਆਰਥਣਾਂ ਦਾ ਇਹ ਵੀ ਦੋਸ਼ ਹੈ ਕਿ ਜਦੋਂ ਉਨ੍ਹਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਅਧਿਆਪਕ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਇਸ ਬਾਰੇ ਦੱਸਿਆ ਜਾਂ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ ਕਰ ਦਿੱਤਾ ਜਾਵੇਗਾ। ਇਹ ਦੋਸ਼ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਮਾਮਲੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹਰ ਬੱਚੇ ਦੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਵਿਦਿਆਰਥੀਆਂ ਨੂੰ ਡਰਾਉਣ, ਧਮਕਾਉਣ ਜਾਂ ਉਨ੍ਹਾਂ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕਰੇ।

ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਹਰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਭੈਅ-ਰਹਿਤ ਮਾਹੌਲ ਯਕੀਨੀ ਬਣਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਜੇਕਰ ਕੋਈ ਅਧਿਆਪਕ ਜਾਂ ਕਰਮਚਾਰੀ ਆਪਣੇ ਅਹੁਦੇ ਦਾ ਗਲਤ ਫ਼ਾਇਦਾ ਚੁੱਕਦਿਆਂ ਬੱਚਿਆਂ ਨਾਲ ਦੁਰਵਿਵਹਾਰ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਂਚ ਦੌਰਾਨ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਅਧਿਆਪਕ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਮਿਲੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ, ਭਰੋਸੇਯੋਗ ਅਤੇ ਸਕਾਰਾਤਮਕ ਸਿੱਖਣ ਵਾਲਾ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਹਰ ਸ਼ਿਕਾਇਤ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਿਨਾਂ ਦੇਰੀ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਪੰਜਾਬ ਸਰਕਾਰ ਨੇ ਦੁਹਰਾਇਆ ਕਿ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

Leave a Reply

Your email address will not be published. Required fields are marked *