
ਚੰਡੀਗੜ੍ਹ, 6 ਜੁਲਾਈ 2026: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਸਮੱਸਿਆਵਾਂ, ਲੰਬਿਤ ਮੰਗਾਂ ਅਤੇ ਭਲਾਈ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਯੂਨੀਅਨ ਨੁਮਾਇੰਦਿਆਂ ਨੇ ਵਿਭਾਗ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਅਤੇ ਮੰਗਾਂ ਨੂੰ ਮੰਤਰੀ ਦੇ ਧਿਆਨ ਵਿੱਚ ਲਿਆਂਦਾ।
ਯੂਨੀਅਨਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਧਿਆਨ ਨਾਲ ਸੁਣਦਿਆਂ ਲਾਲ ਚੰਦ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਰਕਾਰੀ ਨੀਤੀਆਂ ਅਤੇ ਨਿਯਮਾਂ ਦੇ ਦਾਇਰੇ ਵਿੱਚ ਰਹਿੰਦਿਆਂ ਉਨ੍ਹਾਂ ਦਾ ਹਮਦਰਦੀ, ਸੁਹਿਰਦਤਾ ਅਤੇ ਸਕਾਰਾਤਮਕ ਸੋਚ ਨਾਲ ਨਿਪਟਾਰਾ ਕੀਤਾ ਜਾਵੇਗਾ।
ਮੁਲਾਜ਼ਮ-ਪੱਖੀ ਨੀਤੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦੇ ਹਰ ਕਰਮਚਾਰੀ ਦੀ ਸੇਵਾ ਅਤੇ ਯੋਗਦਾਨ ਦਾ ਸਰਕਾਰ ਵੱਲੋਂ ਪੂਰਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਮੁਲਾਜ਼ਮ ਨੂੰ ਬੇਵਜ੍ਹਾ ਨੌਕਰੀ ਗੁਆਉਣ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਹੀ ਨਹੀਂ, ਸਗੋਂ ਅਜਿਹਾ ਕਾਰਜ-ਮਾਹੌਲ ਤਿਆਰ ਕਰਨਾ ਵੀ ਹੈ, ਜਿੱਥੇ ਹਰ ਮੁਲਾਜ਼ਮ ਨੂੰ ਸਤਿਕਾਰ, ਭਰੋਸਾ ਅਤੇ ਬਿਹਤਰ ਕੰਮਕਾਜੀ ਸਹੂਲਤਾਂ ਮਿਲ ਸਕਣ।
ਉਨ੍ਹਾਂ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਸੂਬੇ ਦੇ ਕੁਦਰਤੀ ਸਰੋਤਾਂ, ਜੰਗਲਾਂ ਅਤੇ ਜੈਵ-ਵਿਭਿੰਨਤਾ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਇਸ ਵਿਭਾਗ ਦੇ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਨੂੰ ਸਰਕਾਰ ਪੂਰੀ ਤਰ੍ਹਾਂ ਮਾਨਤਾ ਦਿੰਦੀ ਹੈ। ਇਸ ਲਈ ਸਰਕਾਰ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹੇਗੀ।
ਮੀਟਿੰਗ ਦੌਰਾਨ ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਨਾਲ ਨਿਯਮਿਤ ਸੰਪਰਕ ਅਤੇ ਤਾਲਮੇਲ ਬਣਾਈ ਰੱਖਿਆ ਜਾਵੇ, ਤਾਂ ਜੋ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਸਮਝ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦੇ ਸਮਾਂਬੱਧ ਨਿਪਟਾਰੇ ਲਈ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਹਰ ਪੱਧਰ ‘ਤੇ ਪਾਰਦਰਸ਼ੀ ਅਤੇ ਜਵਾਬਦੇਹ ਕਾਰਜ-ਪ੍ਰਣਾਲੀ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਜੰਗਲਾਤ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾਨਗਰੀ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਯੂਨੀਅਨ ਨੁਮਾਇੰਦੇ ਵੀ ਹਾਜ਼ਰ ਸਨ।
