Wednesday, July 29Punjabi People

ਬੀਐਲਓਜ਼ ਨਾਲ ਦੁਰਵਿਵਹਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਹੋਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 7 ਜੁਲਾਈ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀਈਓ) ਅਨਿੰਦਿਤਾ ਮਿੱਤਰਾ ਨੇ ਸਪੱਸ਼ਟ ਕੀਤਾ ਹੈ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ, ਧੱਕੇਸ਼ਾਹੀ ਜਾਂ ਹਮਲਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਦੇ ਮਨੋਬਲ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ, ਇਸ ਲਈ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪਟਿਆਲਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਐਸਆਈਆਰ ਨਾਲ ਸਬੰਧਤ ਡਿਊਟੀ ਨਿਭਾ ਰਹੇ ਬੀਐਲਓਜ਼ ਨਾਲ ਦੁਰਵਿਵਹਾਰ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਚੋਣ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਪਟਿਆਲਾ ਦੇ ਆਨੰਦ ਨਗਰ ਖੇਤਰ ਵਿੱਚ ਬੂਥ ਨੰਬਰ 113 ਦਾ ਬੀਐਲਓ ਘਰ-ਘਰ ਜਾ ਕੇ ਐਸਆਈਆਰ ਪ੍ਰਕਿਰਿਆ ਤਹਿਤ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਿਹਾ ਸੀ। ਇਸ ਦੌਰਾਨ ਇੱਕ ਸਥਾਨਕ ਨਿਵਾਸੀ ਨੇ ਉਸ ਨਾਲ ਦੁਰਵਿਵਹਾਰ ਕਰਨ ਦੇ ਨਾਲ-ਨਾਲ ਹਮਲਾ ਵੀ ਕੀਤਾ। ਇਸ ਮਾਮਲੇ ਵਿੱਚ ਤ੍ਰਿਪੜੀ ਪੁਲਿਸ ਸਟੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 115(2), 351(3), 221 ਅਤੇ 132 ਤਹਿਤ ਐਫਆਈਆਰ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਖੇਤਰ ਅਧੀਨ ਅਕਾਲਗੜ੍ਹ ਕੋਠਾ ਵਿਖੇ ਬੂਥ ਨੰਬਰ 103 ਦੇ ਬੀਐਲਓ ਨਾਲ ਵੀ ਐਸਆਈਆਰ ਨਾਲ ਸਬੰਧਤ ਕੰਮ ਦੌਰਾਨ ਇੱਕ ਸਥਾਨਕ ਵਿਅਕਤੀ ਨੇ ਦੁਰਵਿਵਹਾਰ ਕੀਤਾ ਅਤੇ ਉਸ ‘ਤੇ ਹਮਲਾ ਕੀਤਾ। ਇਸ ਘਟਨਾ ਸਬੰਧੀ ਧਨੌਲਾ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 132, 221 ਅਤੇ 115(2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਬੀਐਲਓ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਅਪਡੇਟ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਦੁਰਵਿਵਹਾਰ ਨੂੰ ਚੋਣੀ ਪ੍ਰਕਿਰਿਆ ਵਿੱਚ ਵਿਘਨ ਪੈਦਾ ਕਰਨ ਵਜੋਂ ਦੇਖਿਆ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਰਾਜ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐਸਆਈਆਰ ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਬੀਐਲਓਜ਼ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਸੇ ਵੀ ਥਾਂ ਉਨ੍ਹਾਂ ਨਾਲ ਦੁਰਵਿਵਹਾਰ ਜਾਂ ਰੁਕਾਵਟ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਪੰਜਾਬ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਐਸਆਈਆਰ ਮੁਹਿੰਮ ਨੂੰ ਸਫਲ ਬਣਾਉਣ ਲਈ ਬੀਐਲਓਜ਼ ਨੂੰ ਪੂਰਾ ਸਹਿਯੋਗ ਦੇਣ, ਲੋੜੀਂਦੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

Leave a Reply

Your email address will not be published. Required fields are marked *