Wednesday, July 29Punjabi People

ਵਿਕਾਸ ਕਾਰਜਾਂ ਵਿੱਚ ਪਾਰਟੀਬਾਜ਼ੀ ਲਈ ਕੋਈ ਥਾਂ ਨਹੀਂ, ਲੋਕ ਸੇਵਾ ਹੀ ਆਪ ਸਰਕਾਰ ਦੀ ਪ੍ਰਾਥਮਿਕਤਾ: ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ, 12 ਜੁਲਾਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਲੋਕ ਭਲਾਈ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜੇ ਕਿਸੇ ਵੀ ਕੰਮ ਵਿੱਚ ਭੇਦਭਾਵ ਜਾਂ ਪਾਰਟੀਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਅਤੇ ਹਰ ਵਿਕਾਸ ਕਾਰਜ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਬਿਨਾਂ ਕਿਸੇ ਵਿਤਕਰੇ ਦੇ ਪਹੁੰਚ ਰਿਹਾ ਹੈ।

ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ‘ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣਨ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧਾ ਸੰਪਰਕ ਹੀ ਕਿਸੇ ਵੀ ਲੋਕਤੰਤਰੀ ਸਰਕਾਰ ਅਤੇ ਸੰਗਠਨ ਦੀ ਅਸਲ ਤਾਕਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੇਂਡੂ ਵਿਕਾਸ, ਸਿੰਚਾਈ, ਰੁਜ਼ਗਾਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਪਾਰਟੀ ਅਹੁਦੇਦਾਰਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ।

ਸਪੀਕਰ ਨੇ ਕਿਹਾ ਕਿ ਜਦੋਂ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚੇਗੀ ਤਾਂ ਜਨਤਾ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਦੀ ਇਹ ਰਫ਼ਤਾਰ ਹੋਰ ਤੇਜ਼ੀ ਨਾਲ ਅੱਗੇ ਵਧੇਗੀ।

ਮੀਟਿੰਗ ਦੌਰਾਨ ਬਲਾਕ ਪ੍ਰਧਾਨਾਂ ਨੇ ਵੀ ਆਪਣੇ-ਆਪਣੇ ਇਲਾਕਿਆਂ ਨਾਲ ਸਬੰਧਤ ਸੁਝਾਅ ਅਤੇ ਮੰਗਾਂ ਸਾਂਝੀਆਂ ਕੀਤੀਆਂ। ਸਪੀਕਰ ਸੰਧਵਾਂ ਨੇ ਭਰੋਸਾ ਦਿਵਾਇਆ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜਿਹੜੇ ਪ੍ਰੋਜੈਕਟ ਅਜੇ ਬਾਕੀ ਹਨ, ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਤਾਂ ਜੋ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਹੋਰ ਮਜ਼ਬੂਤ ਹੋ ਸਕਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦਾ ਸੰਤੁਲਿਤ ਵਿਕਾਸ ਕਰਨਾ ਹੈ ਅਤੇ ਇਸ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਅਰੇਵਾਲ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮਨਦੀਪ ਸਿੰਘ ਮੋਂਗਾ, ਵੱਖ-ਵੱਖ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *