
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੰਡ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਖੰਡ ਦਾ ਢੁਕਵਾਂ ਭੰਡਾਰ ਮੌਜੂਦ ਹੈ ਅਤੇ ਇਸ ਜ਼ਰੂਰੀ ਵਸਤੂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖੰਡ ਹਰ ਘਰ ਦੀ ਰੋਜ਼ਾਨਾ ਲੋੜ ਨਾਲ ਜੁੜੀ ਮਹੱਤਵਪੂਰਨ ਖੁਰਾਕੀ ਵਸਤੂ ਹੈ ਅਤੇ ਇਸ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੰਡ ਦਾ ਲੋੜੀਂਦਾ ਸਟਾਕ ਹਰ ਸਮੇਂ ਬਣਾਈ ਰੱਖਿਆ ਜਾਵੇ ਅਤੇ ਬਾਜ਼ਾਰ ਵਿੱਚ ਇਸ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ।
ਜਮ੍ਹਾਖੋਰੀ ਅਤੇ ਬਣਾਵਟੀ ਘਾਟ ਖ਼ਿਲਾਫ਼ ਸਖ਼ਤ ਕਾਰਵਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ, ਜਮ੍ਹਾਖੋਰੀ ਕਰਨ ਜਾਂ ਇਸ ਦੀ ਸਪਲਾਈ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਜ਼ਾਰ ਦੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਵਪਾਰਕ ਅਦਾਰਾ ਨਿਰਧਾਰਤ ਸੀਮਾਵਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਖੰਡ ਦੀ ਉਪਲਬਧਤਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਗਲਤ ਧਾਰਨਾ ਜਾਂ ਬੇਲੋੜੀ ਜਨਤਕ ਘਬਰਾਹਟ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਲੋਕਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਗੰਨੇ ਦੀ ਪੈਦਾਵਾਰ ਘਟਣ ਦੇ ਬਾਵਜੂਦ ਸਟਾਕ ਢੁਕਵਾਂ
ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਮੌਸਮੀ ਹਾਲਾਤਾਂ ਕਾਰਨ 2025-26 ਦੌਰਾਨ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਗੰਨੇ ਦੀ ਪੈਦਾਵਾਰ ਪ੍ਰਭਾਵਿਤ ਹੋਈ ਹੈ। ਇਸ ਕਾਰਨ ਉਤਪਾਦਨ ਵਿੱਚ ਕਮੀ ਦਰਜ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਖੰਡ ਦਾ ਸਟਾਕ ਲੋੜ ਮੁਤਾਬਕ ਮੌਜੂਦ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੌਜੂਦਾ ਸਮੇਂ ਖੰਡ ਦੀ ਉਪਲਬਧਤਾ ਨੂੰ ਲੈ ਕੇ ਕਿਸੇ ਚਿੰਤਾਜਨਕ ਸਥਿਤੀ ਦੀ ਗੱਲ ਨਹੀਂ ਹੈ। ਸਰਕਾਰ ਵੱਲੋਂ ਭਵਿੱਖ ਵਿੱਚ ਵੀ ਮੰਗ ਅਤੇ ਸਪਲਾਈ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਖੰਡ ਮਿੱਲਾਂ ਦੇ ਸਟਾਕ ਦੀ ਹੋਵੇਗੀ ਮੌਕੇ ’ਤੇ ਤਸਦੀਕ
ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਖੰਡ ਮਿੱਲਾਂ ਕੋਲ ਮੌਜੂਦ ਖੰਡ ਦੇ ਸਟਾਕ ਦੀ ਮੌਕੇ ’ਤੇ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਫੂਡ ਸਟਾਕ ਨਿਗਰਾਨੀ ਪੋਰਟਲ ’ਤੇ ਸਬੰਧਤ ਇਕਾਈਆਂ ਦੀ ਰਜਿਸਟ੍ਰੇਸ਼ਨ ਅਤੇ ਹਰ ਹਫ਼ਤੇ ਸਟਾਕ ਸਬੰਧੀ ਰਿਪੋਰਟਿੰਗ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਖੰਡ ਦੀ ਨਿਰਧਾਰਤ ਸਟਾਕ ਹੋਲਡਿੰਗ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਟਾਕ ਦੇ ਅੰਕੜਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਥੋਕ ਖਪਤਕਾਰਾਂ ’ਤੇ ਵੀ ਰਹੇਗੀ ਨਜ਼ਰ
ਮੁੱਖ ਮੰਤਰੀ ਨੇ ਖੰਡ ਦੇ ਥੋਕ ਖਪਤਕਾਰਾਂ ਅਤੇ ਵੱਡੇ ਸਟਾਕ ਰੱਖਣ ਵਾਲਿਆਂ ’ਤੇ ਵੀ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਿਰਧਾਰਤ ਸਟਾਕ ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਤਾਂ ਜੋ ਕੋਈ ਵੀ ਧਿਰ ਖੰਡ ਨੂੰ ਗੈਰ-ਜ਼ਰੂਰੀ ਤੌਰ ’ਤੇ ਸਟੋਰ ਕਰਕੇ ਬਾਜ਼ਾਰ ਵਿੱਚ ਬਣਾਵਟੀ ਘਾਟ ਪੈਦਾ ਨਾ ਕਰ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਆਪਕ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ਦੀ ਲਗਾਤਾਰ ਨਿਗਰਾਨੀ ਕਰਦੀ ਰਹੇਗੀ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਖੰਡ ਆਮ ਲੋਕਾਂ ਨੂੰ ਲੋੜ ਮੁਤਾਬਕ ਆਸਾਨੀ ਨਾਲ ਉਪਲਬਧ ਰਹੇ ਅਤੇ ਕਿਸੇ ਵੀ ਪੱਧਰ ’ਤੇ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਵਰਗੀ ਸਥਿਤੀ ਪੈਦਾ ਨਾ ਹੋਵੇ।
