
ਚੰਡੀਗੜ੍ਹ, 23 ਅਗਸਤ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ, ਸੁਝਾਅ ਅਤੇ ਹੋਰ ਮੁੱਦੇ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਮੌਕੇ ’ਤੇ ਸੁਣਵਾਈ ਕਰਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਉਨ੍ਹਾਂ ਦੇ ਸੰਭਵ ਹੱਲ ਨੂੰ ਯਕੀਨੀ ਬਣਾਉਣਾ ਹੈ।
26 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ ਮਿਲਣੀ
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ. ਮਿਲਣੀ 26 ਅਗਸਤ, ਬੁੱਧਵਾਰ ਨੂੰ ਸਵੇਰੇ 11 ਵਜੇ ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਸਮੇਤ ਕੁੱਲ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਲ ਹੋ ਸਕਣਗੇ। ਇਸ ਦੌਰਾਨ ਉਨ੍ਹਾਂ ਦੀਆਂ ਨਿੱਜੀ ਅਤੇ ਪਰਿਵਾਰਕ ਸਮੱਸਿਆਵਾਂ ਤੋਂ ਇਲਾਵਾ ਜਾਇਦਾਦ, ਪ੍ਰਸ਼ਾਸਨਿਕ, ਪੁਲਿਸ ਅਤੇ ਕਾਨੂੰਨੀ ਮਾਮਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ।
ਪਹਿਲਾਂ ਵੀ ਹੋ ਚੁੱਕੀਆਂ ਹਨ ਐਨ.ਆਰ.ਆਈ. ਮਿਲਣੀਆਂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ।
ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਕੁੱਲ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਵੱਖ-ਵੱਖ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਪਰਿਵਾਰ ਦਾ ਅਹਿਮ ਹਿੱਸਾ ਮੰਨਦੀ ਹੈ। ਸਰਕਾਰ ਵੱਲੋਂ ਉਨ੍ਹਾਂ ਨਾਲ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਸਮੇਂ ਸਿਰ ਕਾਰਵਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੇ ਪੰਜਾਬ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਜਾਇਦਾਦ, ਪਰਿਵਾਰਕ ਝਗੜਿਆਂ, ਪ੍ਰਸ਼ਾਸਨਿਕ ਮਾਮਲਿਆਂ, ਪੁਲਿਸ ਅਤੇ ਕਾਨੂੰਨੀ ਸ਼ਿਕਾਇਤਾਂ ਸਮੇਤ ਹੋਰ ਮੁੱਦਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਮੰਤਰੀ ਨੇ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 26 ਅਗਸਤ ਨੂੰ ਹੋਣ ਵਾਲੀ ਐਨ.ਆਰ.ਆਈ. ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿੱਧੇ ਸੰਵਾਦ ਨਾਲ ਸ਼ਿਕਾਇਤਾਂ ਨੂੰ ਸਹੀ ਵਿਭਾਗ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।
