
ਚੰਡੀਗੜ੍ਹ, 28 ਅਪ੍ਰੈਲ 2026: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਦੇਣਾ ਅਤੇ ਉਨ੍ਹਾਂ ਦੀਆਂ ਆਸਥਾ ਨਾਲ ਜੁੜੀਆਂ ਇੱਛਾਵਾਂ ਨੂੰ ਪੂਰਾ ਕਰਨਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਜਨਾ ਦੇ ਦੂਜੇ ਪੜਾਅ ਤਹਿਤ 27 ਅਪ੍ਰੈਲ 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਰਾਹੀਂ 46,030 ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਮੋਹਾਲੀ ਕਲੱਸਟਰ ਵਿੱਚੋਂ 533 ਯਾਤਰਾਵਾਂ ਦੌਰਾਨ 21,104 ਸ਼ਰਧਾਲੂ ਯਾਤਰਾ ‘ਤੇ ਗਏ, ਜਦਕਿ ਲੁਧਿਆਣਾ ਤੋਂ 596 ਯਾਤਰਾਵਾਂ ਰਾਹੀਂ 23,747 ਅਤੇ ਅੰਮ੍ਰਿਤਸਰ ਕਲੱਸਟਰ ਤੋਂ 154 ਯਾਤਰਾਵਾਂ ਰਾਹੀਂ 6,160 ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਗਏ। ਇਸ ਤਰ੍ਹਾਂ ਕੁੱਲ 2462 ਯਾਤਰਾਵਾਂ ਰਾਹੀਂ 97,041 ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਦਾ ਲਾਭ ਮਿਲਿਆ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਪਹਿਲਾ ਪੜਾਅ 27 ਨਵੰਬਰ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ, ਅਜਮੇਰ ਸ਼ਰੀਫ਼ ਦਰਗਾਹ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਮਦਮਾ ਸਾਹਿਬ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਮਾਤਾ ਵੈਸ਼ਨੋ ਦੇਵੀ ਸਮੇਤ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਸਨ।
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਯੋਜਨਾ ਦਾ ਦੂਜਾ ਪੜਾਅ ਅਕਤੂਬਰ 2025 ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਧਰਮ, ਜਾਤ ਅਤੇ ਖੇਤਰ ਨਾਲ ਸਬੰਧਤ ਸ਼ਰਧਾਲੂ ਲੈ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਦੂਜੇ ਪੜਾਅ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਨੂੰ ਮੁਫ਼ਤ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ।
