Wednesday, July 29Punjabi People

ਪੰਜਾਬ ਵਿੱਚ ਐੱਸਆਈਆਰ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਹੋਏ ਜਮ੍ਹਾਂ: ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ 2026: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਸਪੈਸ਼ਲ ਇੰਟੈਂਸਿਵ ਰੀਵਿਜ਼ਨ–ਐੱਸਆਈਆਰ) ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ 11 ਅਤੇ 12 ਜੁਲਾਈ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ (Enumeration) ਫਾਰਮ ਭਰ ਕੇ ਸਫ਼ਲਤਾਪੂਰਵਕ ਜਮ੍ਹਾਂ ਕਰਵਾਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀਈਓ) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਹਰ ਪੋਲਿੰਗ ਬੂਥ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਗਏ ਸਨ। ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰ ਆਪਣੇ-ਆਪਣੇ ਬੂਥਾਂ ‘ਤੇ ਪਹੁੰਚੇ ਅਤੇ ਆਪਣੇ ਭਰੇ ਹੋਏ ਗਣਨਾ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਕਰਵਾਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਬਣਾਉਣ ਲਈ ਲੋਕ ਪੂਰੀ ਤਰ੍ਹਾਂ ਜਾਗਰੂਕ ਹਨ।

ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਮੁਹਿੰਮ ਵੀ ਲਗਾਤਾਰ ਜਾਰੀ ਹੈ, ਜੋ 24 ਜੁਲਾਈ 2026 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਐੱਸਆਈਆਰ ਮੁਹਿੰਮ ਦੇ ਪਿਛਲੇ 18 ਦਿਨਾਂ ਦੌਰਾਨ 1.30 ਕਰੋੜ ਤੋਂ ਵੱਧ ਵੋਟਰ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਚੁੱਕੇ ਹਨ, ਜੋ ਇਸ ਮੁਹਿੰਮ ਦੀ ਸਫ਼ਲਤਾ ਅਤੇ ਲੋਕਾਂ ਦੇ ਸਹਿਯੋਗ ਨੂੰ ਦਰਸਾਉਂਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਅੰਦਰ ਫਾਰਮ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹਰ ਯੋਗ ਵੋਟਰ ਦਾ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ।

ਮਿਤਰਾ ਨੇ ਕਿਹਾ, “ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਹਰੇਕ ਯੋਗ ਵੋਟਰ ਦਾ ਗਣਨਾ ਫਾਰਮ ਸਮੇਂ ਸਿਰ ਜਮ੍ਹਾਂ ਹੋਣਾ ਲਾਜ਼ਮੀ ਹੈ। ਇਸ ਲਈ ਸਾਰੇ ਨਾਗਰਿਕਾਂ ਨੂੰ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ।”

ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਸੂਬੇ ਦੇ ਹਰ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਨਾਲ ਜੋੜਨਾ ਅਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਚੋਣ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਅਤੇ ਬੂਥ ਪੱਧਰ ‘ਤੇ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *