Tuesday, October 20Punjabi People

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਮੁਕਾਬਲਿਆਂ ’ਚ 5.52 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 14 ਅਕਤੂਬਰ 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਦਿਅਕ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਈ ਤੋਂ ਅਕਤੂਬਰ 2026 ਤੱਕ ਚੱਲ ਰਹੀ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਫ਼ਲਸਫ਼ੇ ਨਾਲ ਜਾਣੂ ਕਰਵਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਮਨੁੱਖੀ ਸਵੈ-ਮਾਣ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਵਰਗੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਮਹਾਨ ਗੁਰੂ ਜੀ ਦੇ ਵਿਚਾਰਾਂ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਆਨਲਾਈਨ ਅਤੇ ਆਫ਼ਲਾਈਨ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ, ਭਾਸ਼ਣ ਅਤੇ ਵਿਚਾਰ-ਚਰਚਾ ਵਰਗੇ ਮੁਕਾਬਲੇ ਸ਼ਾਮਲ ਹਨ।

ਸ. ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ, ਮਨੁੱਖੀ ਮਾਣ-ਸਨਮਾਨ ਅਤੇ ਭੇਦਭਾਵ ਦੇ ਖ਼ਾਤਮੇ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਪੂਰੀ ਤਰ੍ਹਾਂ ਸਾਰਥਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਆਪਸੀ ਸਤਿਕਾਰ, ਸਮਾਨਤਾ ਅਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸੇ ਭਾਵਨਾ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਵਿਤਕਰੇ ਤੋਂ ਮੁਕਤ, ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮਕਸਦ ਸਿਰਫ਼ ਮੁਕਾਬਲੇ ਕਰਵਾਉਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਅੰਦਰ ਸੰਵਿਧਾਨਕ ਕਦਰਾਂ-ਕੀਮਤਾਂ, ਸਮਾਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਅਨੁਸਾਰ, ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਿਧਾਂਤਾਂ ਨਾਲ ਜੋੜਨਾ ਇੱਕ ਸਿਹਤਮੰਦ ਅਤੇ ਸੁਖਾਵੇਂ ਸਮਾਜ ਦੀ ਉਸਾਰੀ ਲਈ ਅਹਿਮ ਹੈ।

ਉਨ੍ਹਾਂ ਕਿਹਾ ਕਿ ਸਕੂਲੀ ਮੁਕਾਬਲਿਆਂ ਵਿੱਚ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਮੁਹਿੰਮ ਦੀ ਵਿਆਪਕ ਪਹੁੰਚ ਅਤੇ ਵਿਦਿਆਰਥੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਪ੍ਰਤੀ ਦਿਲਚਸਪੀ ਨੂੰ ਦਰਸਾਉਂਦੀ ਹੈ। ਇਹ ਪਹਿਲਕਦਮੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਗਿਆਨ, ਰਚਨਾਤਮਕ ਸੋਚ ਅਤੇ ਉਸਾਰੂ ਸੰਵਾਦ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਲਈ ਵੀ ਉਤਸ਼ਾਹਿਤ ਕਰ ਰਹੀ ਹੈ।

ਸ. ਸੌਂਦ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਪੱਧਰਾਂ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਅਤੇ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।

ਅੰਤ ਵਿੱਚ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਅਕ ਸੰਸਥਾਵਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਬਰਾਬਰੀ, ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਸਮਾਜਿਕ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣਾ ਸਮੇਂ ਦੀ ਅਹਿਮ ਲੋੜ ਹੈ।

Leave a Reply

Your email address will not be published. Required fields are marked *