Saturday, November 7Punjabi People

26 ਦਿਨਾਂ ਬਾਅਦ PGI ਚੰਡੀਗੜ੍ਹ ’ਚ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ, ਦੀਵਾਲੀ ਵਾਲੇ ਦਿਨ ਮਾਨਸਾ ’ਚ ਹੋਵੇਗਾ ਅੰਤਿਮ ਸੰਸਕਾਰ

ਮਾਨਸਾ/ਚੰਡੀਗੜ੍ਹ, 7 ਨਵੰਬਰ 2026:  ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ 26 ਦਿਨਾਂ ਬਾਅਦ ਆਖਰਕਾਰ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਦੀਵਾਲੀ ਵਾਲੇ ਦਿਨ ਦੁਪਹਿਰ ਕਰੀਬ 1 ਵਜੇ ਮਾਨਸਾ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਸ਼ੁੱਕਰਵਾਰ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਸਨ।

ਜਾਣਕਾਰੀ ਮੁਤਾਬਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਐਤਵਾਰ ਸਵੇਰੇ ਕਰੀਬ 5 ਵਜੇ ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਕੀਤੀ ਜਾਵੇਗੀ। ਮਾਨਸਾ ਪਹੁੰਚਣ ਉਪਰੰਤ ਦੇਹ ਨੂੰ ਉਨ੍ਹਾਂ ਦੇ ਪੁਸ਼ਤੈਨੀ ਘਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਟਰੈਕਟਰ-ਟਰਾਲੀ ਰਾਹੀਂ ਚਕੇਰੀਆ ਰੋਡ ਸਥਿਤ ਉਨ੍ਹਾਂ ਦੇ ਖੇਤਾਂ ਵਿੱਚ ਲਿਜਾਇਆ ਜਾਵੇਗਾ, ਜਿੱਥੇ ਦੁਪਹਿਰ ਕਰੀਬ 1 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਐੱਸਐੱਸਪੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਪਿਤਾ ਵੱਲੋਂ ਭੁੱਖ ਹੜਤਾਲ

ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਬੰਧਤ ਐੱਸਐੱਸਪੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਇਸ ਮੰਗ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਦੀਆਂ ਨਜ਼ਰਾਂ ਹੁਣ ਪ੍ਰਸ਼ਾਸਨ ਦੇ ਅਗਲੇ ਕਦਮਾਂ ’ਤੇ ਟਿਕੀਆਂ ਹੋਈਆਂ ਹਨ।

ਅੰਤਿਮ ਸੰਸਕਾਰ ਵਾਲੀ ਥਾਂ ਤੱਕ ਜਾਣ ਵਾਲੇ ਰਸਤੇ ਦੀ ਮੁਰੰਮਤ ਤੇਜ਼

ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਲਈ ਪ੍ਰਸ਼ਾਸਨ ਵੱਲੋਂ ਆਵਾਜਾਈ ਦੇ ਪ੍ਰਬੰਧਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਵਾਟਰ ਵਰਕਸ ਰੋਡ ਸਥਿਤ ਘਰ ਤੋਂ ਚਕੇਰੀਆ ਰੋਡ ’ਤੇ ਸਥਿਤ ਖੇਤਾਂ ਤੱਕ ਪਹੁੰਚਣ ਵਾਲੇ ਰਸਤੇ ਵਿੱਚ ਪੈਂਦੀ ਰੇਲਵੇ ਕਰਾਸਿੰਗ ’ਤੇ ਸੜਕ ਦੀ ਮੁਰੰਮਤ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਐੱਸਡੀਐੱਮ ਬਲਜੀਤ ਕੌਰ ਵੱਲੋਂ ਰੇਲਵੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਘਰ ਤੋਂ ਉਨ੍ਹਾਂ ਦੇ ਖੇਤਾਂ ਤੱਕ ਪਹੁੰਚਣ ਲਈ ਇਹ ਰੇਲਵੇ ਕਰਾਸਿੰਗ ਹੀ ਮੁੱਖ ਅਤੇ ਇਕਲੌਤਾ ਰਸਤਾ ਹੈ।

ਇਸੇ ਕਾਰਨ ਪ੍ਰਸ਼ਾਸਨ ਵੱਲੋਂ ਅੰਤਿਮ ਸੰਸਕਾਰ ਤੋਂ ਪਹਿਲਾਂ ਇਸ ਰਸਤੇ ਨੂੰ ਆਵਾਜਾਈ ਯੋਗ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਅੰਤਿਮ ਯਾਤਰਾ ਦੌਰਾਨ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *