Saturday, June 20Punjabi People

ਵੀਡੀਓ ਵਿੱਚ ਮੌਜੂਦ ਵਿਅਕਤੀ ਮੈਂ ਨਹੀਂ, ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਫੈਸਲੇ ਅਤੇ ਇੱਕ ਕਥਿਤ ਵੀਡੀਓ ਵਿਵਾਦ ‘ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ਼ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਇਹ ਸਭ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕਥਿਤ ਵੀਡੀਓ ਸਬੰਧੀ ਹੁਕਮ ਜਾਰੀ ਕਰਦੇ ਹੋਏ ਇਹ ਦਾਅਵਾ ਕੀਤਾ ਗਿਆ ਹੈ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਵਿਅਕਤੀ ਭਗਵੰਤ ਮਾਨ ਹੀ ਹਨ ਅਤੇ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਨਹੀਂ ਕੀਤੀ ਗਈ। ਇਸ ਫੈਸਲੇ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਉਸ ਸਮੇਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਆਪਣਾ ਪੱਖ ਰੱਖਿਆ ਸੀ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਵਿੱਚ ਮੌਜੂਦ ਵਿਅਕਤੀ ਦੀ ਸ਼ਾਰੀਰੀਕ ਬਣਤਰ, ਹਾਵ-ਭਾਵ ਅਤੇ ਦਿੱਖ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ, ਇਸ ਲਈ ਇਸ ਨੂੰ ਉਨ੍ਹਾਂ ਨਾਲ ਜੋੜਨਾ ਗਲਤ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਉਨ੍ਹਾਂ ਦੀ ਸਿਆਸੀ ਅਤੇ ਨਿੱਜੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਜਾਣ-ਬੁੱਝ ਕੇ ਉਠਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ “ਪੰਥ ਦੋਖੀ” ਅਤੇ “ਗੁਰੂ ਵਿਰੋਧੀ” ਕਰਾਰ ਦਿੱਤਾ ਗਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਥਿਤ ਸ਼ਰਾਬ ਸੰਬੰਧੀ ਵਾਇਰਲ ਵੀਡੀਓ ਦੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਸਨ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਜਿਸ ਨਾਲ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ।

ਪੂਰੇ ਵਿਵਾਦ ਨੇ ਸੂਬੇ ਦੀ ਰਾਜਨੀਤੀ ਵਿੱਚ ਤਣਾਅ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਵੱਖ-ਵੱਖ ਪੱਖਾਂ ਵੱਲੋਂ ਇਸ ਮਾਮਲੇ ‘ਤੇ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

Leave a Reply

Your email address will not be published. Required fields are marked *