
ਚੰਡੀਗੜ੍ਹ, 2 ਜੁਲਾਈ 2026: ਪੰਜਾਬ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਬਿਜਲੀ ਮੰਤਰੀ ਨੇ ਅੱਜ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੀਆਂ ਤਿੰਨ ਕਰਮਚਾਰੀ ਯੂਨੀਅਨਾਂ—ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਕਰਮਚਾਰੀ ਫੈਡਰੇਸ਼ਨ—ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਅਤੇ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਸੇਵਾਵਾਂ ਨਿਭਾ ਰਹੇ 8,000 ਤੋਂ ਵੱਧ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਪੀਐਸਪੀਸੀਐਲ ਦੇ ਸੀਐਮਡੀ ਡਾ. ਬਸੰਤ ਗਰਗ ਨੇ ਵੀ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਆਰਡੀਨੈਂਸ ਦੇ ਸਾਰੇ ਪ੍ਰਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰੇਗਾ।
ਮੀਟਿੰਗ ਵਿੱਚ ਐਸਐਸਪੀ ਖੰਨਾ, ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨੀਰਦੀਪ ਸਿੰਘ ਬਰਾੜ, ਹੋਰ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
