Wednesday, July 29Punjabi People

ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਸਭ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 4 ਫਰਵਰੀ 2026: ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰਤ, ਚੰਡੀਗੜ੍ਹ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਸਭ ਮੈਂਬਰਾਂ ਅਤੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਇੱਕ ਜਾਇਜ਼ ਅਤੇ ਵਾਜਿਬ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸਦੇ ਨਾਲ-ਨਾਲ, ਸ੍ਰੀ ਭਗਤ ਨੇ ਸੰਬੰਧਿਤ ਵਿਭਾਗਾਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਭਗਤ ਨੇ ਇਹ ਵੀ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਕੀਤੀਆਂ ਜਾ ਸਕਦੀਆਂ ਹਨ, ਉਹਨਾਂ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਨਿਪਟਾਇਆ ਜਾਵੇਗਾ। ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ’ਤੇ ਹੱਲ ਹੋਣਗੀਆਂ, ਉਹਨਾਂ ਦਾ ਵੀ ਵਿਸ਼ੇਸ਼ ਤੌਰ ’ਤੇ ਗਹਿਰਾਈ ਨਾਲ ਵਿਚਾਰ ਕੀਤਾ ਜਾਵੇਗਾ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਚਮੁੱਚ ਦੀ ਭਲਾਈ ਅਤੇ ਸਨਮਾਨ ਯਕੀਨੀ ਬਣਾਉਣਾ ਹੈ।

Leave a Reply

Your email address will not be published. Required fields are marked *