Tuesday, October 20Punjabi People

SGPC ਪ੍ਰਧਾਨ ਧਾਮੀ ਖ਼ਿਲਾਫ਼ ਜਥੇਬੰਦੀਆਂ ਦਾ ਪ੍ਰਦਰਸ਼ਨ, ਅਸਤੀਫ਼ੇ ਦੀ ਕੀਤੀ ਮੰਗ

ਹੁਸ਼ਿਆਰਪੁਰ, 2 ਅਕਤੂਬਰ 2026: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਲਾਤਕਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਗਈ ਸੀ। ਬਹਿਰੀਨ ਦੀ ਇੱਕ ਮਹਿਲਾ ਵੱਲੋਂ ਚਾਵਲਾ ’ਤੇ ਬਲਾਤਕਾਰ, ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਸਨ।

ਇਸ ਮਾਮਲੇ ਨੂੰ ਲੈ ਕੇ ਕੁਝ ਜਥੇਬੰਦੀਆਂ ਵੱਲੋਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਸਥਿਤ ਧਾਮੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ।

ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਮਾਮਲੇ ਨੂੰ ਜਾਂਚ ਲਈ CBI ਦੇ ਹਵਾਲੇ ਕੀਤਾ ਜਾਵੇਗਾ। ਹੁਣ ਮਾਮਲਾ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ ਦੇ ਮੁੱਦੇ ’ਤੇ ਜਥੇਬੰਦੀਆਂ ਵੱਲੋਂ ਮੁੜ ਸਵਾਲ ਚੁੱਕੇ ਜਾ ਰਹੇ ਹਨ।

ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਧਾਮੀ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਗਏ ਸਨ, ਪਰ ਉਨ੍ਹਾਂ ਅਨੁਸਾਰ ਇਨ੍ਹਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮਾਮਲੇ ਨੂੰ ਪੰਜਾਬ ਸਰਕਾਰ ਨੂੰ ਜਾਂਚ ਲਈ ਦੇਣ ਦੀ ਬਜਾਏ CBI ਨੂੰ ਸੌਂਪਿਆ ਜਾ ਰਿਹਾ ਹੈ।

SGPC ਚੋਣਾਂ ਨੂੰ ਲੈ ਕੇ ਵੀ ਚੁੱਕੇ ਸਵਾਲ

ਜਥੇਬੰਦੀਆਂ ਨੇ SGPC ਚੋਣਾਂ ਦੇ ਮੁੱਦੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦੋਸ਼ ਹੈ ਕਿ ਹਰਜਿੰਦਰ ਸਿੰਘ ਧਾਮੀ ਵੱਲੋਂ ਬਲਦੇਵ ਸਿੰਘ ਕਿਆਮਪੁਰੀ ਨੂੰ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਕਾਰਨ SGPC ਚੋਣਾਂ ਨਹੀਂ ਹੋ ਰਹੀਆਂ।

ਉਨ੍ਹਾਂ ਕਿਹਾ ਕਿ ਧਾਮੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਉਹ 18 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਣਗੇ। ਜਥੇਬੰਦੀਆਂ ਦੀ ਮੰਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਲਿਆ ਜਾਵੇ।

ਬੀਬੀ ਜਗੀਰ ਕੌਰ ਦੇ ਖਾਤੇ ਵਿੱਚ ਇੱਕ ਲੱਖ ਰੁਪਏ ਟਰਾਂਸਫਰ ਕਰਨ ਦਾ ਮਾਮਲਾ

ਬੀਬੀ ਜਗੀਰ ਕੌਰ ਦੇ ਖਾਤੇ ਵਿੱਚ ਇੱਕ ਲੱਖ ਰੁਪਏ ਟਰਾਂਸਫਰ ਕਰਨ ਦੇ ਮਾਮਲੇ ਸਬੰਧੀ ਵੀ ਜਥੇਬੰਦੀਆਂ ਨੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਕਲ੍ਹਾਵਾਂ ਨੂੰ SGPC ਵੱਲੋਂ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ।

ਜਥੇਬੰਦੀਆਂ ਨੇ ਦੋਸ਼ ਲਗਾਇਆ ਕਿ ਕਥਿਤ ਤੌਰ ’ਤੇ ਇਹ ਰਕਮ ਬਲਵਿੰਦਰ ਸਿੰਘ ਕਲ੍ਹਾਵਾਂ ਦੇ ਖਾਤੇ ਵਿੱਚੋਂ ਟਰਾਂਸਫਰ ਕੀਤੀ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਮਾਮਲੇ ਦੀ ਜਾਂਚ ਉਹ ਖੁਦ ਨਿੱਜੀ ਤੌਰ ’ਤੇ ਕਿਵੇਂ ਕਰ ਸਕਦੇ ਹਨ।

ਜਥੇਬੰਦੀਆਂ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਇੱਕ ਸੁਤੰਤਰ ਕਮੇਟੀ ਬਣਾ ਕੇ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ SGPC ਦਾ ਕੋਈ ਮੌਜੂਦਾ ਮੈਂਬਰ ਸ਼ਾਮਲ ਨਾ ਕੀਤਾ ਜਾਵੇ।

ਇਸ ਤੋਂ ਇਲਾਵਾ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਅਮਰਜੀਤ ਸਿੰਘ ਚਾਵਲਾ ਦੇ ਇੱਕ ਕਥਿਤ ਸਾਥੀ ਬਾਰੇ ਵੀ ਜਾਣਕਾਰੀ ਸਾਹਮਣੇ ਲਿਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਉਸ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।

Leave a Reply

Your email address will not be published. Required fields are marked *