Wednesday, July 29Punjabi People

ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

ਚੰਡੀਗੜ੍ਹ, 9 ਜੁਲਾਈ 2026: ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਅਤੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵਿਚਾਲੇ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਸ਼ੂਧਨ, ਡੇਅਰੀ ਵਿਕਾਸ ਅਤੇ ਖੇਤੀ ਨਾਲ ਜੁੜੇ ਖੇਤਰਾਂ ਵਿੱਚ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਅਤੇ ਉਨ੍ਹਾਂ ਦੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿਚਾਲੇ ਤਜ਼ਰਬਿਆਂ ਅਤੇ ਉੱਤਮ ਪ੍ਰਣਾਲੀਆਂ ਦੀ ਸਾਂਝ ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰੇਗਾ, ਸਗੋਂ ਦੇਸ਼ ਦੇ ਖੇਤੀ ਅਤੇ ਡੇਅਰੀ ਸੈਕਟਰ ਨੂੰ ਵੀ ਨਵੀਂ ਦਿਸ਼ਾ ਦੇਵੇਗਾ।

ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਾਲੇ ਪਸ਼ੂਧਨ ਆਧਾਰਿਤ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਸਾਂਝੇ ਯਤਨਾਂ, ਤਕਨੀਕੀ ਸਹਿਯੋਗ ਅਤੇ ਗਿਆਨ ਦੇ ਆਦਾਨ-ਪ੍ਰਦਾਨ ਦੀਆਂ ਸੰਭਾਵਨਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਸਤੀਸ਼ ਸ਼ਰਮਾ ਨੇ ਵੀ ਦੋਵਾਂ ਰਾਜਾਂ ਵਿਚਾਲੇ ਲੰਬੇ ਸਮੇਂ ਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।

ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਰਾਜਾਂ ਵਿਚਾਲੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੇ ਪ੍ਰਮੁੱਖ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ਾਮਲ ਹੈ ਅਤੇ ਇਸ ਤਜਰਬੇ ਨੂੰ ਹੋਰ ਰਾਜਾਂ ਨਾਲ ਸਾਂਝਾ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਦੁੱਧ ਉਤਪਾਦਨ ਵਿੱਚ ਵਾਧਾ, ਪਸ਼ੂਆਂ ਦੀ ਉੱਚ ਨਸਲ ਦੇ ਵਿਕਾਸ, ਨਸਲ ਸੁਧਾਰ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਆਧੁਨਿਕ ਪਸ਼ੂ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਵੈਟਰਨਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਖੇਤਰ ਵਿੱਚ ਡਿਜੀਟਲ ਤਕਨਾਲੋਜੀ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਸੁਝਾਅ ਦਿੱਤਾ ਕਿ ਪਸ਼ੂਆਂ ਦੀ ਸਿਹਤ ਦੀ ਨਿਗਰਾਨੀ, ਸਰਕਾਰੀ ਸਬਸਿਡੀਆਂ ਦੀ ਪਾਰਦਰਸ਼ੀ ਵੰਡ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਸਮੇਂ ਸਿਰ ਵੈਟਰਨਰੀ ਸੇਵਾਵਾਂ ਪਹੁੰਚਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਤਜਰਬਿਆਂ ਅਤੇ ਜਾਣਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਰਾਜਾਂ ਵਿਚਾਲੇ ਪਸ਼ੂ ਪਾਲਣ ਅਤੇ ਡੇਅਰੀ ਸੈਕਟਰ ਵਿੱਚ ਢਾਂਚਾਗਤ ਅਤੇ ਤਕਨੀਕੀ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਤਰ੍ਹਾਂ ਦੀ ਸਾਂਝੀ ਭਾਈਵਾਲੀ ਨਾਲ ਦੋਵਾਂ ਸੂਬਿਆਂ ਦੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਵੱਡਾ ਲਾਭ ਮਿਲੇਗਾ ਅਤੇ ਪਸ਼ੂਧਨ ਖੇਤਰ ਦੇ ਟਿਕਾਊ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ।

Leave a Reply

Your email address will not be published. Required fields are marked *