
ਚੰਡੀਗੜ੍ਹ, 27 ਅਕਤੂਬਰ 2026: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਮਨੁੱਖਤਾ ਦੀ ਸਾਂਝ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਨਿਰੰਤਰ ਚਾਲੂ ਰੱਖਣ ਦੀ ਮੰਗ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੱਖਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਸ. ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਆਵਾਜਾਈ ਦਾ ਸਾਧਨ ਨਹੀਂ, ਸਗੋਂ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਲਈ ਧਾਰਮਿਕ ਆਜ਼ਾਦੀ, ਆਸਥਾ ਅਤੇ ਮਨੁੱਖੀ ਸਾਂਝ ਦਾ ਪ੍ਰਤੀਕ ਹੈ।
ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਚਾਲੂ ਰੱਖਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਯਾਤਰਾ ਸਬੰਧੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਵੀ ਕੀਤੀ ਗਈ ਹੈ, ਤਾਂ ਜੋ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਕਰ ਸਕੇ।
ਵਿਧਾਨ ਸਭਾ ਵਿੱਚ ਆਪਣੇ ਵਿਚਾਰ ਰੱਖਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹਾਨ ਸਿਧਾਂਤਾਂ ਨਾਲ ਜੁੜਿਆ ਪਵਿੱਤਰ ਅਸਥਾਨ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਬਲਕਿ ਸਿੱਖ ਸੰਗਤ ਨੂੰ ਉਸ ਪਵਿੱਤਰ ਧਰਤੀ ਨਾਲ ਜੋੜਨ ਵਾਲਾ ਪੁਲ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਰਹਿੰਦਿਆਂ ਮਨੁੱਖਤਾ ਨੂੰ ਬਰਾਬਰੀ, ਸੇਵਾ, ਆਪਸੀ ਪਿਆਰ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨਾਲ ਸਿੱਖ ਸੰਗਤ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਹ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਅਤੇ ਇਤਿਹਾਸਕ ਵਿਛੋੜੇ ਦੀ ਯਾਦ ਵੀ ਦਿਵਾਉਂਦਾ ਹੈ।
ਸ. ਬੈਂਸ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਦਾ ਸੰਦੇਸ਼ ਕਿਸੇ ਇੱਕ ਧਰਮ ਜਾਂ ਖੇਤਰ ਤੱਕ ਸੀਮਤ ਨਹੀਂ, ਸਗੋਂ ਸਰਹੱਦਾਂ ਤੋਂ ਪਾਰ ਸਮੁੱਚੀ ਲੋਕਾਈ ਲਈ ਹੈ। ਇਸ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਨਮਾਨ ਨਾਲ ਜੁੜਿਆ ਮਾਮਲਾ ਹੈ।
“ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੇ ਸਿਧਾਂਤ ਨੂੰ ਸਮਰਪਿਤ ਹੁੰਦਿਆਂ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਨੂੰ ਆਪਸੀ ਵਿਸ਼ਵਾਸ, ਸ਼ਾਂਤੀ, ਲੋਕਾਂ ਵਿਚਕਾਰ ਸਾਂਝ ਅਤੇ ਸਾਂਝੀ ਵਿਰਾਸਤ ਦੇ ਪ੍ਰਤੀਕ ਵਜੋਂ ਚਾਲੂ ਰੱਖਣ ਲਈ ਲਗਾਤਾਰ ਅਤੇ ਸੁਹਿਰਦ ਯਤਨ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਅਤੇ ਆਉਣ-ਜਾਣ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੁਨੀਆ ਭਰ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕਈ ਸ਼ਰਧਾਲੂਆਂ ਨੂੰ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝਾ ਕਰ ਦਿੰਦੀਆਂ ਹਨ।
ਮਤੇ ਵਿੱਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਸਰਲ ਕੀਤਾ ਜਾਵੇ, ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਘਟਾਈਆਂ ਜਾਣ, ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲ ਸਕੇ।
