Saturday, November 7Punjabi People

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ, ਆਪਸੀ ਭਾਈਚਾਰਕ ਸਾਂਝ ਤੇ ਸ਼ਾਂਤੀ ਦਾ ਦਿੱਤਾ ਸੰਦੇਸ਼

ਚੰਡੀਗੜ੍ਹ, 7 ਨਵੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਪੰਜਾਬ ਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਖੁਸ਼ੀਆਂ ਭਰੇ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਉਣ।

ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਰੱਖਣ ਵਾਲੇ ਤਿਉਹਾਰ ਹਨ। ਇਹ ਤਿਉਹਾਰ ਹਨੇਰੇ ’ਤੇ ਰੌਸ਼ਨੀ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਲੋਕਾਂ ਨੂੰ ਸੱਚਾਈ, ਨੇਕੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਹਰ ਵਿਅਕਤੀ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਅਤੇ ਸਮਾਜ ਵਿੱਚ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦਾ ਪਸਾਰਾ ਕਰਨ। ਉਨ੍ਹਾਂ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਵੱਲੋਂ ਦਰਸਾਏ ਗਏ ਨੇਕ ਮਾਰਗ ਅਤੇ ਉੱਚ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਵੀ ਕੀਤੀ।

ਸਪੀਕਰ ਨੇ ਕਿਹਾ ਕਿ ਮਾਨਵਤਾ ਦੀ ਭਲਾਈ, ਸੁਰੱਖਿਆ ਅਤੇ ਸਮਾਜਿਕ ਏਕਤਾ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਸ਼ਾਂਤੀ ਨਾਲ ਇਹ ਤਿਉਹਾਰ ਮਨਾਉਣ ਅਤੇ ਸਮਾਜ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *