Wednesday, October 21Punjabi People

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ, ਲੋਕਾਂ ਨੂੰ ਸੱਚ ਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਯਾਦ ਕੀਤਾ। ਉਨ੍ਹਾਂ ਮਹਾਤਮਾ ਗਾਂਧੀ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਸੱਚ, ਅਹਿੰਸਾ, ਸ਼ਾਂਤੀ ਅਤੇ ਆਪਸੀ ਸਦਭਾਵਨਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਇੱਕ ਮਹਾਨ ਆਜ਼ਾਦੀ ਘੁਲਾਟੀਏ ਅਤੇ ਦੂਰਅੰਦੇਸ਼ ਆਗੂ ਸਨ, ਜਿਨ੍ਹਾਂ ਨੇ ਸੱਚ ਅਤੇ ਅਹਿੰਸਾ ਨੂੰ ਆਪਣੀ ਵਿਚਾਰਧਾਰਾ ਦਾ ਆਧਾਰ ਬਣਾਉਂਦਿਆਂ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਜਨ ਅੰਦੋਲਨਾਂ ਨੇ ਦੇਸ਼ ਵਾਸੀਆਂ ਵਿੱਚ ਆਜ਼ਾਦੀ ਦੀ ਚੇਤਨਾ ਪੈਦਾ ਕੀਤੀ ਅਤੇ ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਵਿਰੁੱਧ ਲੋਕਾਂ ਨੂੰ ਇੱਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਨੂੰ ਸੰਘਰਸ਼ ਦੇ ਇੱਕ ਪ੍ਰਭਾਵਸ਼ਾਲੀ ਸਾਧਨ ਵਜੋਂ ਪੇਸ਼ ਕੀਤਾ ਅਤੇ ਆਪਣੇ ਵਿਚਾਰਾਂ ਤੇ ਸਿਧਾਂਤਾਂ ਰਾਹੀਂ ਦੇਸ਼ ਵਾਸੀਆਂ ਨੂੰ ਨਿਆਂ, ਸਮਾਨਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਜੀਵਨ ਇਸ ਗੱਲ ਦੀ ਮਿਸਾਲ ਹੈ ਕਿ ਦ੍ਰਿੜ੍ਹ ਇਰਾਦੇ, ਸੱਚਾਈ ਅਤੇ ਸ਼ਾਂਤੀਪੂਰਨ ਸੰਘਰਸ਼ ਰਾਹੀਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਅਤੇ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਪ੍ਰੇਰਨਾ ਦਾ ਸਰੋਤ ਹਨ।

ਸਪੀਕਰ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਵਿਚਾਰਾਂ ਅਤੇ ਫ਼ਲਸਫ਼ੇ ਦੀ ਅੱਜ ਵੀ ਉਨੀ ਹੀ ਮਹੱਤਤਾ ਹੈ, ਜਿੰਨੀ ਆਜ਼ਾਦੀ ਦੇ ਸੰਘਰਸ਼ ਦੌਰਾਨ ਸੀ। ਉਨ੍ਹਾਂ ਜ਼ੋਰ ਦਿੱਤਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਜ਼ਰੂਰੀ ਹੈ, ਤਾਂ ਜੋ ਸਮਾਜ ਵਿੱਚ ਸਹਿਣਸ਼ੀਲਤਾ, ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾਂ ਲੋਕਾਂ ਨੂੰ ਮਹਾਤਮਾ ਗਾਂਧੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਆਪਸੀ ਸਾਂਝ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *