Saturday, May 23Punjabi People

ਪੰਜਾਬ ਵਿੱਚ ਦੋ ਦਿਨਾਂ ਦੁੱਧ ਸੈਂਪਲਿੰਗ ਅਭਿਆਨ, ਸਿਹਤ ਮੰਤਰੀ ਵੱਲੋਂ ਮਿਲਾਵਟਖ਼ੋਰਾਂ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ, 8 ਮਈ 2026: ਸੂਬੇ ਵਿੱਚ ਲੋਕਾਂ ਤੱਕ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਪਹੁੰਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਪੰਜਾਬ ਵੱਲੋਂ ਦੁੱਧ ਦੀ ਗੁਣਵੱਤਾ ਜਾਂਚਣ ਲਈ ਦੋ ਦਿਨਾਂ ਵਿਸ਼ੇਸ਼ ਸੈਂਪਲਿੰਗ ਮੁਹਿੰਮ ਚਲਾਈ ਗਈ। ਇਹ ਅਭਿਆਨ ਬੁੱਧਵਾਰ ਅਤੇ ਵੀਰਵਾਰ ਨੂੰ ਸੂਬੇ ਭਰ ਵਿੱਚ ਚਲਾਇਆ ਗਿਆ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਫ.ਡੀ.ਏ. ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਦੇਖ-ਰੇਖ ਹੇਠ ਚੱਲੀ ਇਸ ਮੁਹਿੰਮ ਦਾ ਮੁੱਖ ਕੇਂਦਰ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪੜਾਵਾਂ ਦੀ ਜਾਂਚ ਕਰਨਾ ਰਿਹਾ।

ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਵੇਰੇ ਤੜਕੇ ਹੀ ਸੂਬੇ ਭਰ ਵਿੱਚ ਨਾਕੇ ਲਗਾ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਡੇਅਰੀ ਫਾਰਮਾਂ, ਕਲੈਕਸ਼ਨ ਸੈਂਟਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਰਿਟੇਲ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਇਕੱਠੇ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਕੱਠੇ ਕੀਤੇ ਗਏ ਸੈਂਪਲ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜੇ ਗਏ ਹਨ, ਜਿੱਥੇ ਇਨ੍ਹਾਂ ਦੀ ਮਿਲਾਵਟ, ਗੁਣਵੱਤਾ ਅਤੇ ਨਿਰਧਾਰਤ ਮਿਆਰਾਂ ਅਨੁਸਾਰ ਜਾਂਚ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਫੂਡ ਬਿਜ਼ਨਸ ਆਪਰੇਟਰ (FBO) ਨਿਯਮਾਂ ਦੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਾਣ-ਪੀਣ ਵਿੱਚ ਮਿਲਾਵਟ ਸਬੰਧੀ ਕੋਈ ਵੀ ਸ਼ੱਕੀ ਮਾਮਲਾ ਸਾਹਮਣੇ ਆਉਣ ‘ਤੇ ਤੁਰੰਤ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਿਲਾਵਟੀ ਦੁੱਧ ਅਤੇ ਹੋਰ ਅਸੁਰੱਖਿਅਤ ਖਾਦ ਪਦਾਰਥਾਂ ਨੂੰ ਸਪਲਾਈ ਚੇਨ ਤੋਂ ਬਾਹਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਇੱਕ ਲਗਾਤਾਰ ਚੱਲ ਰਹੀ ਇਨਫੋਰਸਮੈਂਟ ਡਰਾਈਵ ਦਾ ਹਿੱਸਾ ਹੈ, ਜੋ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ, ਤਾਂ ਜੋ “ਸਿਹਤਮੰਦ ਅਤੇ ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

ਐਫ.ਡੀ.ਏ. ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਧਿਕਾਰੀ ਸਿਰਫ਼ ਕਾਨੂੰਨ ਲਾਗੂ ਕਰਨ ਤੱਕ ਸੀਮਿਤ ਨਹੀਂ ਹਨ, ਸਗੋਂ ਡੇਅਰੀ ਵਿਕਰੇਤਾਵਾਂ ਅਤੇ ਆਪਰੇਟਰਾਂ ਨੂੰ ਸਫ਼ਾਈ, ਸਹੀ ਹੈਂਡਲਿੰਗ ਅਤੇ ਸਟੋਰੇਜ ਸਬੰਧੀ ਜਾਗਰੂਕ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਡੇਅਰੀ ਖੇਤਰ ਵਿੱਚ ਉੱਚ ਮਿਆਰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਫੂਡ ਸੇਫਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਂਚ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।

Leave a Reply

Your email address will not be published. Required fields are marked *