Sunday, September 13Punjabi People

ਗੈਂਗਸਟਰਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਤੇਜ਼, 7 ਮਹੀਨਿਆਂ ’ਚ 10 ਭਗੌੜੇ ਵਾਪਸ: ਅਮਨ ਅਰੋੜਾ

ਚੰਡੀਗੜ੍ਹ, 13 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਮਾਲਦੋਵਾ ਤੋਂ ਇੱਕ ਨਾਮੀ ਗੈਂਗਸਟਰ ਨੂੰ ਪੰਜਾਬ ਵਾਪਸ ਲਿਆਉਣਾ ਸੂਬਾ ਸਰਕਾਰ ਵੱਲੋਂ ਗੈਂਗਸਟਰਵਾਦ ਖ਼ਿਲਾਫ਼ ਅਪਣਾਈ ਗਈ ਸਖ਼ਤ ਨੀਤੀ ਦਾ ਸਬੂਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਹੁਣ ਸਿਰਫ਼ ਸੂਬੇ ਅੰਦਰ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਭਗੌੜਿਆਂ ਖ਼ਿਲਾਫ਼ ਵੀ ਕਾਰਵਾਈ ਕਰ ਰਹੀ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹੇ ਅਨਸਰਾਂ ਨੂੰ ਪੰਜਾਬ ਦੀ ਧਰਤੀ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਤੋਂ ਰੋਕਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਲੁਕ ਕੇ ਪੰਜਾਬ ਵਿੱਚ ਅਪਰਾਧ ਚਲਾਉਣ ਵਾਲਿਆਂ ਨੂੰ ਵੀ ਕਾਨੂੰਨ ਦੇ ਕਟਹਿਰੇ ਤੱਕ ਲਿਆਉਣਾ ਹੈ।

ਸੱਤ ਮਹੀਨਿਆਂ ’ਚ 10 ਭਗੌੜਿਆਂ ਨੂੰ ਵਾਪਸ ਲਿਆਉਣ ਦਾ ਦਾਅਵਾ

ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 20 ਜਨਵਰੀ 2026 ਨੂੰ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਇਸ ਸੈੱਲ ਨੇ ਗਠਨ ਤੋਂ ਬਾਅਦ ਕਰੀਬ ਸੱਤ ਮਹੀਨਿਆਂ ਵਿੱਚ 10 ਲੋੜੀਂਦੇ ਭਗੌੜਿਆਂ ਨੂੰ ਡਿਪੋਰਟੇਸ਼ਨ ਜਾਂ ਹਵਾਲਗੀ ਰਾਹੀਂ ਭਾਰਤ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਹੋਰ 21 ਹਵਾਲਗੀ ਪ੍ਰਸਤਾਵ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹਨ।

ਉਨ੍ਹਾਂ ਕਿਹਾ ਕਿ ਇਸ ਸੈੱਲ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਕਰਨਾ, ਉਨ੍ਹਾਂ ਦੀ ਪੈੜ ਨੱਪਣਾ, ਉਨ੍ਹਾਂ ਦਾ ਪਤਾ ਲਗਾਉਣਾ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਉਨ੍ਹਾਂ ਨੂੰ ਪੰਜਾਬ ਵਾਪਸ ਲਿਆ ਕੇ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਵਾਉਣਾ ਹੈ।

ਪਿਛਲੀਆਂ ਸਰਕਾਰਾਂ ’ਤੇ ਗੈਂਗਸਟਰਵਾਦ ਨੂੰ ਵਧਣ ਦੇਣ ਦੇ ਦੋਸ਼

‘ਆਪ’ ਪੰਜਾਬ ਪ੍ਰਧਾਨ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ’ਤੇ ਗੈਂਗਸਟਰਵਾਦ ਨੂੰ ਵਧਣ-ਫੁੱਲਣ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਗੈਂਗਸਟਰਵਾਦ ਦਾ ਮੁੱਦਾ ਇੰਨਾ ਗੰਭੀਰ ਹੋ ਗਿਆ ਸੀ ਕਿ ਪੰਜਾਬ ਵਿਧਾਨ ਸਭਾ ਦੇ ਅੰਦਰ ਵੀ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਸਿਆਸੀ ਤਕਰਾਰ ਹੁੰਦੀ ਰਹੀ।

ਅਮਨ ਅਰੋੜਾ ਨੇ 2021 ਦੇ ਬਜਟ ਸੈਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਕਾਂਗਰਸ ਸੱਤਾ ਵਿੱਚ ਸੀ ਅਤੇ ਅਕਾਲੀ ਦਲ ਵਿਰੋਧੀ ਧਿਰ ਵਿੱਚ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਦਨ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਕਥਿਤ ਸਿਆਸੀ ਸਬੰਧਾਂ ਨੂੰ ਲੈ ਕੇ ਆਗੂਆਂ ਵਿਚਕਾਰ ਤਿੱਖੀ ਬਹਿਸ ਹੋਈ ਸੀ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਗੈਂਗਸਟਰਵਾਦ ਦੀ ਸਥਿਤੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਗੰਭੀਰ ਚੁਣੌਤੀ ਦਿੱਤੀ ਸੀ, ਪਰ ਮੌਜੂਦਾ ਸਰਕਾਰ ਨੇ ਇਸ ਵਿਰੁੱਧ ਸਖ਼ਤ ਰੁਖ ਅਪਣਾਇਆ ਹੈ।

ਵਿਦੇਸ਼ਾਂ ਤੋਂ ਹੋ ਰਹੀਆਂ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੇ ਜਾਣ ਤੋਂ ਬਾਅਦ ਕਈ ਅਪਰਾਧੀ ਅਤੇ ਭਗੌੜੇ ਵਿਦੇਸ਼ਾਂ ਵਿੱਚ ਚਲੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਕਈ ਮਾਮਲਿਆਂ ਵਿੱਚ ਫਿਰੌਤੀ ਦੀਆਂ ਕਾਲਾਂ, ਧਮਕੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀਆਂ ਤਾਰਾਂ ਵਿਦੇਸ਼ਾਂ ਜਾਂ ਦੇਸ਼ ਦੇ ਹੋਰ ਸੂਬਿਆਂ ਨਾਲ ਜੁੜੀਆਂ ਮਿਲਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਵਿਦੇਸ਼ਾਂ ਵਿੱਚ ਬੈਠੇ ਅਜਿਹੇ ਅਪਰਾਧੀਆਂ ਨੂੰ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦੇਣਾ ਹੈ। ਇਸੇ ਉਦੇਸ਼ ਨਾਲ OFTEC ਨੂੰ ਸਰਗਰਮ ਕੀਤਾ ਗਿਆ ਹੈ, ਜੋ ਵੱਖ-ਵੱਖ ਕੇਂਦਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਕੰਮ ਕਰ ਰਿਹਾ ਹੈ।

ਕਈ ਕੇਂਦਰੀ ਏਜੰਸੀਆਂ ਨਾਲ ਤਾਲਮੇਲ

ਕੈਬਨਿਟ ਮੰਤਰੀ ਨੇ ਦੱਸਿਆ ਕਿ OFTEC ਵੱਲੋਂ ਸਟੇਟ ਇਨਵੈਸਟੀਗੇਸ਼ਨ, ਬਿਊਰੋ ਆਫ਼ ਇਨਵੈਸਟੀਗੇਸ਼ਨ, ਸੀਬੀਆਈ, ਇੰਟਰਪੋਲ, ਕੇਂਦਰੀ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਐਨਆਈਏ ਸਮੇਤ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਕਿਸੇ ਅਪਰਾਧ ਦੀ ਸਾਜ਼ਿਸ਼ ਜਾਂ ਵਾਰਦਾਤ ਦੀ ਸ਼ੁਰੂਆਤ ਵਿਦੇਸ਼ ਤੋਂ ਹੋਣ ਦਾ ਪਤਾ ਲੱਗਦਾ ਹੈ ਤਾਂ OFTEC ਵੱਖ-ਵੱਖ ਕੜੀਆਂ ਨੂੰ ਜੋੜ ਕੇ ਇਸ ਦੇ ਪਿੱਛੇ ਮੌਜੂਦ ਵਿਅਕਤੀਆਂ ਤੱਕ ਪਹੁੰਚਣ ਲਈ ਕੰਮ ਕਰਦਾ ਹੈ।

ਮਾਲਦੋਵਾ ਤੋਂ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਵਾਪਸ ਲਿਆਂਦਾ

ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮਾਲਦੋਵਾ ਤੋਂ ਭਾਰਤ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਮੁਤਾਬਕ ਇਸ ਗੈਂਗਸਟਰ ਖ਼ਿਲਾਫ਼ ਤਿੰਨ ਗੰਭੀਰ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਮਲੇਸ਼ੀਆ, ਇੰਡੋਨੇਸ਼ੀਆ, ਯੂਏਈ ਅਤੇ ਅਮਰੀਕਾ ਤੋਂ ਵੀ ਕਈ ਲੋੜੀਂਦੇ ਅਪਰਾਧੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚ ਅਜੈ ਸਿੰਘ ਉਰਫ਼ ਅਜੈ, ਪਵਨਦੀਪ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਜੋਬਨਜੀਤ ਬਿੱਲਾ, ਅੰਮ੍ਰਿਤਪਾਲ ਸਿੰਘ ਮਹਿਰੋਂ, ਭੁਵਨੇਸ਼ ਚੋਪੜਾ ਅਤੇ ਕਮਲ ਉਰਫ਼ ਕਮਲ ਅਠਵਾਲ ਉਰਫ਼ ਕਮਲਪ੍ਰੀਤ ਸਿੰਘ ਬਿੱਲਾ ਸਮੇਤ ਹੋਰ ਲੋੜੀਂਦੇ ਵਿਅਕਤੀਆਂ ਦੇ ਨਾਮ ਸ਼ਾਮਲ ਹਨ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ।

ਕੇਂਦਰ ਸਰਕਾਰ ਤੋਂ ਵੀ ਸਹਿਯੋਗ ਦੀ ਮੰਗ

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਨੂੰ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਜਦੋਂ ਗੈਂਗਸਟਰ ਵਿਦੇਸ਼ਾਂ ਜਾਂ ਦੇਸ਼ ਦੇ ਹੋਰ ਸੂਬਿਆਂ ਤੋਂ ਆਪਣਾ ਨੈੱਟਵਰਕ ਚਲਾ ਰਹੇ ਹੋਣ ਤਾਂ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਦੀ ਭੂਮਿਕਾ ਵੀ ਮਹੱਤਵਪੂਰਨ ਬਣ ਜਾਂਦੀ ਹੈ।

ਉਨ੍ਹਾਂ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਕਿ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਜਾਂ ਹੋਰ ਥਾਵਾਂ ਤੋਂ ਗੈਂਗਸਟਰ ਨੈੱਟਵਰਕ ਚਲਾਉਣ ਵਾਲੇ ਅਪਰਾਧੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਤਕਨਾਲੋਜੀ ਦੇ ਦੌਰ ’ਚ ਅਪਰਾਧਿਕ ਨੈੱਟਵਰਕ ਨਵੀਆਂ ਚੁਣੌਤੀਆਂ ਬਣੇ

ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ ਦੇ ਵਧਦੇ ਇਸਤੇਮਾਲ ਨਾਲ ਸੰਗਠਿਤ ਅਪਰਾਧ ਦਾ ਸਰੂਪ ਵੀ ਬਦਲ ਗਿਆ ਹੈ। ਉਨ੍ਹਾਂ ਮੁਤਾਬਕ ਐਨਕ੍ਰਿਪਟਡ ਮੈਸੇਜਿੰਗ ਅਤੇ ਵੌਇਸ ਕਾਲਾਂ ਰਾਹੀਂ ਅਪਰਾਧਿਕ ਨੈੱਟਵਰਕ ਚਲਾਏ ਜਾਣ ਕਾਰਨ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਕੇਂਦਰੀ ਅਤੇ ਸੂਬਾਈ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੂੰ ਸਿਰਫ਼ ਇੱਕ ਸੂਬੇ ਦੀ ਪੁਲਿਸ ਦੇ ਪੱਧਰ ’ਤੇ ਰੋਕਣਾ ਮੁਸ਼ਕਲ ਹੈ ਅਤੇ ਇਸ ਲਈ ਕੌਮੀ ਪੱਧਰ ’ਤੇ ਸਾਂਝੀ ਕਾਰਵਾਈ ਦੀ ਲੋੜ ਹੈ।

‘ਪੰਜਾਬ ’ਚ ਗੈਂਗਸਟਰਾਂ ਨੂੰ ਪੈਰ ਨਹੀਂ ਪਸਾਰਨ ਦੇਵਾਂਗੇ’

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਗੈਂਗਸਟਰਾਂ ਖ਼ਿਲਾਫ਼ ਆਪਣੀ ਕਾਰਵਾਈ ਬਿਨਾਂ ਕਿਸੇ ਸਮਝੌਤੇ ਦੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਵੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਉਨ੍ਹਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਵੀ ਪੰਜਾਬ ਨੂੰ ਅੱਤਵਾਦ ਦੇ ਕਾਲੇ ਦੌਰ ਵਿੱਚੋਂ ਬਾਹਰ ਕੱਢਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਗੈਂਗਸਟਰਵਾਦ ਖ਼ਿਲਾਫ਼ ਵੀ ਪੂਰੀ ਦ੍ਰਿੜਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰੀ ਨੇ ਮਾਲਦੋਵਾ ਤੋਂ ਗੈਂਗਸਟਰ ਨੂੰ ਵਾਪਸ ਲਿਆਉਣ ਦੀ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਕਾਰ ਦੇ ਨਿਰਦੇਸ਼ਾਂ ਅਤੇ OFTEC ਦੀ ਕਾਰਗੁਜ਼ਾਰੀ ਦਾ ਨਤੀਜਾ ਹੈ।

ਅੰਤ ਵਿੱਚ ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਅਪਰਾਧਿਕ ਗਤੀਵਿਧੀ, ਵਾਰਦਾਤ ਦੀ ਕੋਸ਼ਿਸ਼ ਜਾਂ ਫਿਰੌਤੀ ਸਬੰਧੀ ਕਾਲ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।

Leave a Reply

Your email address will not be published. Required fields are marked *