Thursday, August 6Punjabi People

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਸਿੱਖਿਆ ਤੇ ਮੁਲਾਜ਼ਮਾਂ ਨਾਲ ਜੁੜੇ ਬਿੱਲਾਂ ਨੂੰ ਮਨਜ਼ੂਰੀ

ਚੰਡੀਗੜ੍ਹ, 5 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਣ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਦੇ ਨਾਲ-ਨਾਲ ਆਊਟਸੋਰਸ ਕਾਮਿਆਂ, ਦਰੱਖਤਾਂ ਦੀ ਸੁਰੱਖਿਆ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਨਾਲ ਸਬੰਧਤ ਬਿੱਲਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਵਿੱਚ ਸਥਾਪਤ ਹੋਣਗੀਆਂ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕਲਾਊਡ ਯੂਨੀਵਰਸਿਟੀ, ਪਟਿਆਲਾ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਵਿਖੇ ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਨਾਲ ਸਬੰਧਤ ਯੂਨੀਵਰਸਿਟੀ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੰਦਪੁਰ ਕੇਸ਼ੂ ਵਿਖੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਸ਼ਾਮਲ ਹਨ।

ਆਊਟਸੋਰਸ ਕਾਮਿਆਂ ਨੂੰ ਠੇਕੇ ‘ਤੇ ਲਿਆਉਣ ਲਈ ਬਿੱਲ ਮਨਜ਼ੂਰ

ਕੈਬਨਿਟ ਨੇ ਸੂਬੇ ਦੇ ਆਊਟਸੋਰਸ ਕਾਮਿਆਂ ਨੂੰ ਕਾਂਟ੍ਰੈਕਟ ਅਧੀਨ ਲਿਆਉਣ ਨਾਲ ਸਬੰਧਤ ਬਿੱਲ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਵਿੱਤ ਮੰਤਰੀ ਮੁਤਾਬਕ ਜੋਖ਼ਮ ਭਰੇ ਕੰਮਾਂ ਨਾਲ ਜੁੜੇ ਅਜਿਹੇ ਕਾਮੇ, ਜਿਨ੍ਹਾਂ ਨੇ ਆਊਟਸੋਰਸ ਆਧਾਰ ‘ਤੇ ਲਗਾਤਾਰ ਤਿੰਨ ਸਾਲ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਠੇਕੇ ਅਧੀਨ ਲਿਆਉਣ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰ੍ਹਾਂ ਹੋਰ ਵਿਭਾਗਾਂ ਵਿੱਚ ਆਊਟਸੋਰਸ ਆਧਾਰ ‘ਤੇ ਪੰਜ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਾਮਿਆਂ ਨੂੰ ਵੀ ਇਸ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।

ਇੱਕ ਦਰੱਖਤ ਕੱਟਣ ਬਦਲੇ ਲਗਾਉਣੇ ਪੈਣਗੇ 10 ਦਰੱਖਤ

ਵਾਤਾਵਰਣ ਦੀ ਸੰਭਾਲ ਅਤੇ ਦਰੱਖਤਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਕੈਬਨਿਟ ਨੇ ਇੱਕ ਅਹਿਮ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਸੂਬੇ ਵਿੱਚ ਇੱਕ ਦਰੱਖਤ ਕੱਟਣ ਦੇ ਬਦਲੇ 10 ਨਵੇਂ ਦਰੱਖਤ ਲਗਾਉਣ ਦੀ ਵਿਵਸਥਾ ਹੋਵੇਗੀ। ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਜਾਵੇਗੀ।

ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਵੀ ਵੱਡਾ ਫ਼ੈਸਲਾ

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਣ ਵਾਲੇ ਸਾਲਾਨਾ ਫ਼ੀਸ ਵਾਧੇ ਨੂੰ ਨਿਯਮਤ ਕਰਨ ਲਈ ਵੀ ਅਹਿਮ ਕਦਮ ਚੁੱਕਿਆ ਹੈ। ਕੈਬਨਿਟ ਵੱਲੋਂ ਪ੍ਰਵਾਨ ਕੀਤੇ ਗਏ ਬਿੱਲ ਤਹਿਤ ਪ੍ਰਾਈਵੇਟ ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਿੱਚ ਵੱਧ ਤੋਂ ਵੱਧ 5 ਫ਼ੀਸਦੀ ਤੱਕ ਵਾਧੇ ਦੀ ਵਿਵਸਥਾ ਕੀਤੀ ਗਈ ਹੈ।

ਮੌਨਸੂਨ ਇਜਲਾਸ ਵਿੱਚ ਪੇਸ਼ ਕੀਤੇ ਜਾਣਗੇ ਬਿੱਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਵੱਲੋਂ ਮਨਜ਼ੂਰ ਕੀਤੇ ਗਏ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਦੀ ਪ੍ਰਵਾਨਗੀ ਸਮੇਤ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਨੂੰ ਕਾਨੂੰਨੀ ਰੂਪ ਦਿੱਤਾ ਜਾਵੇਗਾ।

Leave a Reply

Your email address will not be published. Required fields are marked *