
ਚੰਡੀਗੜ੍ਹ, 6 ਸਤੰਬਰ 2026: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਐਤਵਾਰ ਨੂੰ ਮੁਕੰਮਲ ਹੋ ਗਈ। ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਰੁਖ ਅਪਣਾਇਆ ਗਿਆ। ਕੈਬਨਿਟ ਨੇ ਇਸ ਨਿਯੁਕਤੀ ਖ਼ਿਲਾਫ਼ ਮਤਾ ਪਾਸ ਕਰਦਿਆਂ ਕਿਹਾ ਕਿ ਨਿਯੁਕਤੀ ਦੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਨਾਲ ਲੋੜੀਂਦਾ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਅਤੇ ਸਥਾਪਿਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ।
ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਕਿ ਮੁੱਖ ਜੱਜ ਦੀ ਨਿਯੁਕਤੀ ਵਰਗੇ ਮਹੱਤਵਪੂਰਨ ਮਾਮਲੇ ਵਿੱਚ ਸੂਬਾ ਸਰਕਾਰ ਦੇ ਵਿਚਾਰਾਂ ਨੂੰ ਨਜ਼ਰਅੰਦਾਜ਼ ਕਰਨਾ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਸਰਕਾਰ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸਹਿਮਤੀ ਲੈਣ ਦੇ ਨਾਲ-ਨਾਲ ਉਨ੍ਹਾਂ ਦੇ ਵਿਚਾਰ ਜਾਣਨ ਦੀ ਪ੍ਰਕਿਰਿਆ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ।
ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਨਿਯੁਕਤੀ ਦਾ ਵੀ ਦਿੱਤਾ ਹਵਾਲਾ
ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਮੋਸਟ ਜੱਜ ਰਹੇ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਨਿਯੁਕਤੀ ਦਾ ਵੀ ਹਵਾਲਾ ਦਿੱਤਾ। ਸਰਕਾਰ ਵੱਲੋਂ ਕਿਹਾ ਗਿਆ ਕਿ ਜਸਟਿਸ ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਦੇ ਮਾਮਲੇ ਵਿੱਚ ਉਨ੍ਹਾਂ ਨਾਲ ਵੀ ਕਥਿਤ ਤੌਰ ’ਤੇ ਇਨਸਾਫ਼ ਨਹੀਂ ਹੋਇਆ।
ਪੰਜਾਬ ਸਰਕਾਰ ਦੇ ਅਨੁਸਾਰ, ਜਸਟਿਸ ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਨੂੰ ਕਰੀਬ ਦੋ ਮਹੀਨਿਆਂ ਤੱਕ ਰੋਕ ਕੇ ਰੱਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਕਰ ਦਿੱਤੀ ਗਈ। ਕੈਬਨਿਟ ਵੱਲੋਂ ਇਸ ਮਾਮਲੇ ਨੂੰ ਮੌਜੂਦਾ ਨਿਯੁਕਤੀ ਨਾਲ ਜੋੜਦਿਆਂ ਕੇਂਦਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਗਏ।
ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ ਸੰਵਿਧਾਨਕ ਅਹੁਦਿਆਂ ਨਾਲ ਸਬੰਧਤ ਨਿਯੁਕਤੀਆਂ ਵਿੱਚ ਸਥਾਪਿਤ ਪ੍ਰਕਿਰਿਆ ਅਤੇ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਦੀ ਮਹੱਤਤਾ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣੀ ਰਾਏ ਦੇਣ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ।
‘ਮੁੱਖ ਮੰਤਰੀ ਦਾ ਨਹੀਂ, ਤਿੰਨ ਕਰੋੜ ਪੰਜਾਬੀਆਂ ਦਾ ਅਪਮਾਨ’
ਕੈਬਨਿਟ ਵਿੱਚ ਇਸ ਗੱਲ ’ਤੇ ਵੀ ਗੰਭੀਰ ਚਰਚਾ ਹੋਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਏ ਲੈਣ ਤੋਂ ਇਨਕਾਰ ਕਰਨਾ ਸਿਰਫ਼ ਮੁੱਖ ਮੰਤਰੀ ਦੇ ਅਹੁਦੇ ਦੀ ਅਣਦੇਖੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਲੋਕਤੰਤਰੀ ਫਤਵੇ ਨੂੰ ਨਜ਼ਰਅੰਦਾਜ਼ ਕਰਨ ਦੇ ਬਰਾਬਰ ਹੈ।
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਕਿ “ਮੁੱਖ ਮੰਤਰੀ ਦਾ ਅਪਮਾਨ ਨਹੀਂ, ਸਗੋਂ ਅੱਜ ਤਿੰਨ ਕਰੋੜ ਪੰਜਾਬੀਆਂ ਦਾ ਅਪਮਾਨ ਭਾਰਤੀ ਜਨਤਾ ਪਾਰਟੀ ਕਰ ਰਹੀ ਹੈ।” ਸਰਕਾਰ ਨੇ ਦੋਸ਼ ਲਾਇਆ ਕਿ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਤ ਮਹੱਤਵਪੂਰਨ ਮਾਮਲਿਆਂ ਵਿੱਚ ਸੂਬਾ ਸਰਕਾਰ ਨੂੰ ਭਰੋਸੇ ਵਿੱਚ ਨਾ ਲੈਣਾ ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਜਪਾਲ ਨੂੰ ਲਿਖਿਆ ਜਾਵੇਗਾ ਪੱਤਰ
ਪੰਜਾਬ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਅਗਲੇ ਪੱਧਰ ’ਤੇ ਵੀ ਉਠਾਇਆ ਜਾਵੇਗਾ। ਸਰਕਾਰ ਵੱਲੋਂ ਜਲਦ ਹੀ ਮਾਨਯੋਗ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮਾਮਲੇ ਸਬੰਧੀ ਆਪਣਾ ਪੱਖ ਰੱਖਿਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁਕਾਉਣ ਦੀ ਪ੍ਰਕਿਰਿਆ ਨੂੰ ਅੱਗੇ ਨਾ ਵਧਾਉਣ ਦੀ ਬੇਨਤੀ ਕੀਤੇ ਜਾਣ ਦੀ ਗੱਲ ਵੀ ਕਹੀ ਗਈ ਹੈ। ਸਰਕਾਰ ਦਾ ਤਰਕ ਹੈ ਕਿ ਨਿਯੁਕਤੀ ਨਾਲ ਜੁੜੀ ਪ੍ਰਕਿਰਿਆ ਵਿੱਚ ਪੰਜਾਬ ਸਰਕਾਰ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਪੱਖ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਕੈਬਨਿਟ ਦੇ ਇਸ ਫੈਸਲੇ ਨਾਲ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਮਾਮਲਾ ਹੁਣ ਸਿਆਸੀ ਅਤੇ ਸੰਵਿਧਾਨਕ ਪੱਧਰ ’ਤੇ ਹੋਰ ਭਖਣ ਦੇ ਆਸਾਰ ਹਨ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਨਾਲ ਜੁੜੇ ਮਾਮਲਿਆਂ ’ਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗੀ।
