Wednesday, July 29Punjabi People

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਪਿੰਡ ਚੜਿਕ ਵਿੱਚ ਕੀਤੀ ‘ਲੋਕ ਮਿਲਣੀ’, ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਚੰਡੀਗੜ੍ਹ/ਮੋਗਾ, 26 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮੁੜ ਸੱਤਾ ਸੌਂਪਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਨੀਤੀਆਂ ਨੂੰ ਮਿਲ ਰਹਾ ਭਰਵਾਂ ਸਮਰਥਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ।

ਮੋਗਾ ਦੇ ਇਤਿਹਾਸਕ ਪਿੰਡ ਚੜਿਕ ਵਿੱਚ ਆਯੋਜਿਤ ‘ਲੋਕ ਮਿਲਣੀ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਮਹਿਲਾਵਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਵਿਆਪਕ ਵਿਸਥਾਰ, ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਸਰਕਾਰੀ ਭਰਤੀਆਂ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਵਰਗੀਆਂ ਪਹਿਲਕਦਮੀਆਂ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਵੱਡਾ ਬਦਲਾਅ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਕਾਰਨ ਵਿਰੋਧੀ ਪਾਰਟੀਆਂ ਦੀ ਰਾਜਨੀਤਿਕ ਜ਼ਮੀਨ ਲਗਾਤਾਰ ਖਿਸਕ ਰਹੀ ਹੈ।

100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲੋਕ ਮਿਲਣੀ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਲਿਖਿਆ ਕਿ ਚੜਿਕ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਵਿਸ਼ਵਾਸ ਸਰਕਾਰ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੀ ਸਿਹਤ ਸੇਵਾ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 1,090 ਹੋ ਗਈ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ।

‘ਰੰਗਲਾ ਪੰਜਾਬ’ ਬਣਾਉਣਾ ਸਰਕਾਰ ਦਾ ਟੀਚਾ

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੱਕ 88 ਫ਼ੀਸਦੀ ਨਹਿਰੀ ਪਾਣੀ ਦੀ ਪਹੁੰਚ, 90 ਫ਼ੀਸਦੀ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਅਤੇ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਸਿਰਫ਼ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੱਜ ਵਿਰੋਧੀ ਧਿਰਾਂ ਦੀ ਹਾਲਤ “ਲਾੜੇ ਤੋਂ ਬਿਨਾਂ ਬਰਾਤ” ਵਰਗੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸੇ ਪਾਰਟੀ ਕੋਲ ਸਾਂਝਾ ਨੇਤ੍ਰਿਤਵ ਹੈ ਅਤੇ ਨਾ ਹੀ ਲੋਕਾਂ ਲਈ ਕੋਈ ਸਪੱਸ਼ਟ ਵਿਜ਼ਨ।

ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਈ ਧੜਿਆਂ ਵਿੱਚ ਵੰਡਿਆ ਹੋਇਆ ਹੈ, ਜਦਕਿ ਕਾਂਗਰਸ ਅੰਦਰੂਨੀ ਖਿੱਚੋਤਾਣ ਦਾ ਸ਼ਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਸਰੋਤਾਂ ‘ਤੇ ਕਬਜ਼ਾ ਕਰਨਾ ਹੈ, ਪਰ ਸੂਬੇ ਦੇ ਜਾਗਰੂਕ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

ਅਕਾਲੀ ਦਲ ‘ਤੇ ਨਿਸ਼ਾਨਾ

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਲਾਂ ਤੱਕ ਪੰਜਾਬ ‘ਤੇ ਰਾਜ ਕੀਤਾ, ਉਹ ਸੂਬੇ ਦੇ ਬੁਨਿਆਦੀ ਮੁੱਦਿਆਂ ਤੋਂ ਵੀ ਅਣਜਾਣ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ਾ ਮਾਫੀਆ ਨੂੰ ਸਰਪ੍ਰਸਤੀ ਮਿਲੀ, ਜਿਸ ਕਾਰਨ ਪੰਜਾਬ ਦੀਆਂ ਕਈ ਪੀੜ੍ਹੀਆਂ ਪ੍ਰਭਾਵਿਤ ਹੋਈਆਂ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਕੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਨਹਿਰੀ ਸਿੰਚਾਈ ਵਿੱਚ ਇਤਿਹਾਸਕ ਵਾਧਾ

ਮੁੱਖ ਮੰਤਰੀ ਨੇ ਦੱਸਿਆ ਕਿ 2022 ਵਿੱਚ ਪੰਜਾਬ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕਰਦਾ ਸੀ, ਜਦਕਿ ਅੱਜ ਇਹ ਅੰਕੜਾ ਵੱਧ ਕੇ 88 ਫ਼ੀਸਦੀ ਤੋਂ ਉੱਪਰ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਲੋਕਾਂ ਨੇ ਦਹਾਕਿਆਂ ਬਾਅਦ ਪਹਿਲੀ ਵਾਰ ਨਹਿਰਾਂ ਵਿੱਚ ਪਾਣੀ ਦੇਖਿਆ ਹੈ, ਜਿਸ ਨਾਲ ਟਿਊਬਵੈੱਲਾਂ ‘ਤੇ ਨਿਰਭਰਤਾ ਘਟੀ ਹੈ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਆਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਨਹਿਰੀ ਸਿੰਚਾਈ ਨੂੰ ਹੋਰ ਵਧਾਉਣਾ ਹੈ ਅਤੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਹਰ ਹਾਲਤ ਵਿੱਚ ਰੱਖਿਆ ਕੀਤੀ ਜਾਵੇਗੀ।

ਮੁਫ਼ਤ ਬਿਜਲੀ ਅਤੇ ਇਮਾਨਦਾਰ ਸ਼ਾਸਨ ਦਾ ਦਾਅਵਾ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਹਰ ਰੁਪਇਆ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸਰਕਾਰੀ ਸੰਸਥਾਵਾਂ ਦੇ ਨਿੱਜੀਕਰਨ ਦੀ ਨੀਤੀ ਅਪਣਾ ਰਹੀ ਹੈ, ਉੱਥੇ ਪੰਜਾਬ ਸਰਕਾਰ ਨੇ ਨਿੱਜੀ ਥਰਮਲ ਪਲਾਂਟ ਖਰੀਦ ਕੇ ਲੋਕ ਹਿੱਤ ਨੂੰ ਤਰਜੀਹ ਦਿੱਤੀ ਹੈ।

ਕਾਂਗਰਸ ਕੋਲ ਨਾ ਵਿਜ਼ਨ, ਨਾ ਏਜੰਡਾ: ਮਾਨ

ਕਾਂਗਰਸ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਕੋਲ ਨਾ ਤਾਂ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਹੈ ਅਤੇ ਨਾ ਹੀ ਲੋਕਾਂ ਦੀ ਭਲਾਈ ਲਈ ਕੋਈ ਸਪੱਸ਼ਟ ਯੋਜਨਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਆਪਣੇ ਅੰਦਰੂਨੀ ਵਿਰੋਧਾਂ ਕਾਰਨ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ।

ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਦਾ ਇਕੋ-ਇੱਕ ਉਦੇਸ਼ ਪੰਜਾਬ ਨੂੰ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਰਾਹ ‘ਤੇ ਅੱਗੇ ਲੈ ਜਾਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰੋਸਾ ਸਰਕਾਰ ਨੂੰ ਹੋਰ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਕੇਂਦਰਿਤ ਯੋਜਨਾਵਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

Leave a Reply

Your email address will not be published. Required fields are marked *