Wednesday, July 29Punjabi People

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਲਈ ਮਾਮਲਾ ਕੇਂਦਰ ਸਰਕਾਰ ਅੱਗੇ ਰੱਖਣ ਦੇ ਹੁਕਮ ਦਿੱਤੇ

ਚੰਡੀਗੜ੍ਹ, 23 ਅਪ੍ਰੈਲ 2026: ਪੰਜਾਬ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਅਹਿਮ ਸਿਹਤ ਕਾਮਿਆਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁਲਾਜ਼ਮ ਮਸਲਿਆਂ ਦੇ ਨਿਪਟਾਰੇ ਲਈ ਬਣੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਵਾਧਾ ਕਰਨ ਲਈ ਕੇਂਦਰ ਸਰਕਾਰ ਨੂੰ ਅਧਿਕਾਰਕ ਤੌਰ ‘ਤੇ ਪੱਤਰ ਭੇਜਿਆ ਜਾਵੇ।

ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ, ਜੋ ਕੇਂਦਰ ਅਤੇ ਸੂਬੇ ਵਿਚਕਾਰ 60:40 ਦੇ ਵਿੱਤੀ ਅਨੁਪਾਤ ‘ਤੇ ਆਧਾਰਿਤ ਹੈ, ਤਹਿਤ ਇਨ੍ਹਾਂ ਭੁਗਤਾਨਾਂ ਵਿੱਚ ਵਾਧੇ ਲਈ ਕੇਂਦਰ ਨੂੰ ਮਨਾਇਆ ਜਾਣਾ ਚਾਹੀਦਾ ਹੈ।

ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਵੀ ਆਦੇਸ਼ ਦਿੱਤੇ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਢੁੱਕਵੀਂ ਅਤੇ ਟਿਕਾਊ ਨੀਤੀ ਤਿਆਰ ਕੀਤੀ ਜਾਵੇ।

ਆਸ਼ਾ ਵਰਕਰਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕਿਸੇ ਬੈਂਕ ਨਾਲ ਸਮਝੌਤਾ ਕਰਕੇ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਲਈ ਜੀਵਨ ਬੀਮਾ ਕਵਰੇਜ ਯਕੀਨੀ ਬਣਾਵੇ।

ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ, ਜੋ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਮੀਟਿੰਗਾਂ ਅਤੇ ਫੈਸਲਿਆਂ ਰਾਹੀਂ ਬਿਨਾਂ ਦੇਰੀ ਦੇ ਨਿਪਟਾਇਆ ਜਾਵੇ।

ਬਿਜਲੀ ਖੇਤਰ ਦੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਗੱਲ ਕਰਦਿਆਂ, ਵਿੱਤ ਮੰਤਰੀ ਨੇ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਵਿਸਤ੍ਰਿਤ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਕਾਰਜਕਾਰੀ ਸਮੱਸਿਆਵਾਂ ਤੇ ਆਊਟਸੋਰਸ ਨੌਕਰੀਆਂ ਨੂੰ ਸਰਵਿਸ ਕਾਂਟਰੈਕਟ ਵਿੱਚ ਬਦਲਣ ਦੀ ਮੰਗ ‘ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਵਾਂ ਕਾਰਪੋਰੇਸ਼ਨਾਂ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨੂੰ ਹਦਾਇਤ ਦਿੱਤੀ ਗਈ ਹੈ ਕਿ ਇਸ ਮਾਮਲੇ ਲਈ ਜਲਦੀ ਇੱਕ ਢਾਂਚਾਗਤ ਅਤੇ ਪ੍ਰਭਾਵਸ਼ਾਲੀ ਨੀਤੀ ਤਿਆਰ ਕੀਤੀ ਜਾਵੇ।

ਇਸ ਦੌਰਾਨ, ਉਨ੍ਹਾਂ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਸਰਕਾਰ ਦਾ ਸਟੈਂਡ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਮਸਲਿਆਂ ਦੀ ਨਿਰਪੱਖ ਅਤੇ ਗੰਭੀਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਢੁੱਕਵੇਂ ਹੱਲ ਨਿਕਲ ਸਕਣ।

ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਮਸਲੇ ਪੇਸ਼ ਕੀਤੇ, ਜਿਨ੍ਹਾਂ ਵਿੱਚ ਆਸ਼ਾ ਮੋਰਚੇ ਵੱਲੋਂ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰ, ਪਾਵਰਕੌਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ ਅਤੇ ਸ਼ੇਰ ਸਿੰਘ, ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਵੱਲੋਂ ਗੁਰਬਾਜ਼ ਸਿੰਘ, ਪਵਨਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਸ਼ਾਮਲ ਸਨ।

Leave a Reply

Your email address will not be published. Required fields are marked *