Saturday, May 23Punjabi People

ਗਰਮੀ ਦੇ ਕਹਿਰ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪੂਰੀ ਤਿਆਰੀ : ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਮਈ : ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਅਤਿ ਦੀ ਗਰਮੀ ਨਾਲ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਭਿਆਨਕ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸਦੇ ਨਾਲ ਹੀ ਦਿਲ ਅਤੇ ਸਾਹ ਨਾਲ ਜੁੜੀਆਂ ਬਿਮਾਰੀਆਂ ਵਿੱਚ ਵੀ ਵਾਧਾ ਦੇਖਿਆ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਤੁਰੰਤ ਪ੍ਰਭਾਵ ਨਾਲ ਚਾਲੂ ਰੱਖੇ ਜਾਣ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਯੂਨਿਟ ਆਧੁਨਿਕ ਕੂਲਿੰਗ ਸਹੂਲਤਾਂ ਨਾਲ ਲੈਸ ਕੀਤੇ ਗਏ ਹਨ। ਹਸਪਤਾਲਾਂ ਵਿੱਚ ਆਈਸ ਪੈਕ, ਕੋਲਡ ਆਈ.ਵੀ. ਫਲੂਇਡਜ਼, ਓ.ਆਰ.ਐਸ. ਅਤੇ ਐਮਰਜੈਂਸੀ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਗਰਮੀ ਕਾਰਨ ਪ੍ਰਭਾਵਿਤ ਮਰੀਜ਼ਾਂ ਦਾ ਤੁਰੰਤ ਇਲਾਜ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ਵਿੱਚ ਵੀ ਮਰੀਜ਼ਾਂ ਨੂੰ ਹਸਪਤਾਲ ਲਿਜਾਂਦੇ ਸਮੇਂ ਕੂਲਿੰਗ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਗਰਮੀ ਨਾਲ ਜੁੜੀਆਂ ਬਿਮਾਰੀਆਂ ਦੇ ਮਾਮਲਿਆਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰ ’ਤੇ ਬਣਾਈਆਂ ਗਈਆਂ ਟਾਸਕ ਫੋਰਸਾਂ ਸਿੱਖਿਆ, ਕਿਰਤ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਮਿਲ ਕੇ ਹੀਟ ਐਕਸ਼ਨ ਪਲਾਨ ’ਤੇ ਕੰਮ ਕਰ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਹਨ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।

ਹੀਟਵੇਵ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਸਲਾਹ

ਸਿਹਤ ਵਿਭਾਗ ਨੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਓ.ਆਰ.ਐਸ., ਲੱਸੀ ਅਤੇ ਨਿੰਬੂ ਪਾਣੀ ਵਰਗੇ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਅਤੇ ਸਿਰ ਨੂੰ ਟੋਪੀ ਜਾਂ ਤੌਲੀਏ ਨਾਲ ਢੱਕਣ ਦੀ ਅਪੀਲ ਕੀਤੀ ਗਈ ਹੈ।

ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ। ਚਾਹ, ਕੌਫੀ ਅਤੇ ਮਿੱਠੇ ਕਾਰਬੋਨੇਟਿਡ ਪੀਣ ਵਾਲੇ ਪਦਾਰਥਾਂ ਤੋਂ ਦੂਰ ਰਹਿਣ ਅਤੇ ਤਲੇ-ਭੁੰਨੇ ਖਾਣੇ ਤੋਂ ਪਰਹੇਜ਼ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਇਹ ਲੱਛਣ ਦਿਖਣ ’ਤੇ ਤੁਰੰਤ ਡਾਕਟਰੀ ਸਹਾਇਤਾ ਲਓ

ਸਿਹਤ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ 40 ਡਿਗਰੀ ਸੈਲਸੀਅਸ ਤੋਂ ਵੱਧ ਬੁਖਾਰ, ਬੇਚੈਨੀ, ਦੌਰੇ, ਗਰਮ ਅਤੇ ਲਾਲ ਚਮੜੀ, ਤੇਜ਼ ਸਿਰਦਰਦ, ਮਤਲੀ ਜਾਂ ਦਿਲ ਦੀ ਧੜਕਣ ਤੇਜ਼ ਹੋਣ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਸੰਪਰਕ ਕੀਤਾ ਜਾਵੇ।

ਐਮਰਜੈਂਸੀ ਸਥਿਤੀ ਵਿੱਚ ਲੋਕ 104, 108 ਜਾਂ 112 ਹੈਲਪਲਾਈਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *