Tuesday, October 20Punjabi People

ਭਗਵੰਤ ਮਾਨ ਦਾ ਦਾਅਵਾ: ਪੰਜਾਬ ਨੂੰ ਪਹਿਲੀ ਵਾਰ ਮਿਲੀ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ

ਸੰਗਰੂਰ,11 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਆਪਣੇ ਕੰਮਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਸਿਰਫ਼ ਵਾਅਦੇ ਕੀਤੇ, ਪਰ ਉਨ੍ਹਾਂ ਦੀ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਨੂੰ ਅਸਲ ਰਾਹਤ ਦੇਣ ਲਈ ਕਦਮ ਚੁੱਕੇ ਹਨ। ਉਹ ਐਤਵਾਰ ਨੂੰ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੀਂਮਸਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਖ਼ਜ਼ਾਨਾ ਲੋਕਾਂ ਦਾ ਹੈ ਅਤੇ ਇਸ ਵਿੱਚ ਜਮ੍ਹਾਂ ਹੋਣ ਵਾਲਾ ਹਰ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚ ਕੀਤਾ ਜਾ ਰਿਹਾ ਹੈ। ਸੜਕਾਂ, ਸਕੂਲਾਂ, ਹਸਪਤਾਲਾਂ, ਸਿੰਜਾਈ ਸਹੂਲਤਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਰਾਹੀਂ ਸਰਕਾਰੀ ਪੈਸਾ ਮੁੜ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਸਦਕਾ ਹਰੇਕ ਪਰਿਵਾਰ ਨੂੰ ਹਰ ਮਹੀਨੇ ਕਰੀਬ 15 ਹਜ਼ਾਰ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਇਹ ਸਹੂਲਤ ਉਪਲਬਧ ਨਹੀਂ ਸੀ।

ਉਨ੍ਹਾਂ ਦੱਸਿਆ ਕਿ ਸਿੰਜਾਈ ਸਹੂਲਤਾਂ ਦੇ ਵਿਸਥਾਰ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਸਾਲ 2022 ਵਿੱਚ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦਕਿ ਹੁਣ ਇਹ ਰਕਬਾ ਵਧ ਕੇ 60.30 ਲੱਖ ਏਕੜ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨ ਮੰਡੀ ਤੋਂ ਘਰ ਪਰਤਣ ਤੋਂ ਪਹਿਲਾਂ ਹੀ ਆਪਣੀ ਫ਼ਸਲ ਦਾ ਭੁਗਤਾਨ ਪ੍ਰਾਪਤ ਕਰ ਲੈਣ ਅਤੇ ਉਨ੍ਹਾਂ ਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਰਥਿਕ ਰਾਹਤ ਦੇਣ ਲਈ ਟੋਲ ਪਲਾਜ਼ੇ ਬੰਦ ਕਰਵਾਉਣਾ ਵੀ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਅਨੁਸਾਰ, ਇਸ ਕਦਮ ਨਾਲ ਯਾਤਰੀਆਂ ਨੂੰ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

Leave a Reply

Your email address will not be published. Required fields are marked *