
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਪੱਧਰਾਂ ’ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਬੱਚਿਆਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਲਈ ਕਰੀਬ 433 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਸਹਾਇਤਾ ਲਈ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਲੋੜ ਅਨੁਸਾਰ ਸਮੇਂ ਸਿਰ ਵਿੱਤੀ ਸਹਾਇਤਾ ਅਤੇ ਹੋਰ ਜ਼ਰੂਰੀ ਸਰਕਾਰੀ ਲਾਭ ਮਿਲ ਸਕਣ।
2.45 ਲੱਖ ਬੱਚਿਆਂ ਨੂੰ ਮਿਲ ਰਿਹਾ ਵਿੱਤੀ ਸਹਾਰਾ
ਮੰਤਰੀ ਅਨੁਸਾਰ ਪੰਜਾਬ ਵਿੱਚ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਲਾਭ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਸਹਾਇਤਾ ਬੱਚਿਆਂ ਦੀਆਂ ਰੋਜ਼ਾਨਾ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਇਕ ਸਾਬਤ ਹੋ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸੁਰੱਖਿਆ, ਸਹਾਰੇ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਕ ਜਾਂ ਸਮਾਜਿਕ ਹਾਲਾਤਾਂ ਕਾਰਨ ਸਿੱਖਿਆ ਅਤੇ ਵਿਕਾਸ ਦੇ ਮੌਕਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਣਾ ਚਾਹੀਦਾ। ਇਸੇ ਉਦੇਸ਼ ਤਹਿਤ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਕਿਹੜੇ ਬੱਚੇ ਯੋਜਨਾ ਦਾ ਲਾਭ ਲੈ ਸਕਦੇ ਹਨ?
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ 21 ਸਾਲ ਤੋਂ ਘੱਟ ਉਮਰ ਦੇ ਬੱਚੇ ਲਾਭ ਲੈ ਸਕਦੇ ਹਨ, ਜੇਕਰ ਉਨ੍ਹਾਂ ਦੇ ਹਾਲਾਤ ਹੇਠ ਲਿਖੀਆਂ ਸ਼੍ਰੇਣੀਆਂ ਵਿੱਚ ਆਉਂਦੇ ਹਨ:
- ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਨਹੀਂ ਰਹੇ;
- ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਘਰੋਂ ਗੈਰ-ਹਾਜ਼ਰ ਹਨ; ਜਾਂ
- ਜਿਨ੍ਹਾਂ ਦੇ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਨਿਰਵਿਘਨ, ਪਾਰਦਰਸ਼ੀ ਅਤੇ ਸਮੇਂ ਸਿਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਯੋਗ ਬੱਚਿਆਂ ਨੂੰ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸਿੱਖਿਆ ਅਤੇ ਬਿਹਤਰ ਭਵਿੱਖ ’ਤੇ ਜ਼ੋਰ
ਮੰਤਰੀ ਨੇ ਕਿਹਾ ਕਿ ਸਰਕਾਰੀ ਸਹਾਇਤਾ ਦਾ ਮਕਸਦ ਸਿਰਫ਼ ਤੁਰੰਤ ਆਰਥਿਕ ਲੋੜਾਂ ਪੂਰੀਆਂ ਕਰਨਾ ਹੀ ਨਹੀਂ, ਸਗੋਂ ਬੱਚਿਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਭਵਿੱਖ ਵਿੱਚ ਆਤਮਨਿਰਭਰ ਬਣਨ ਲਈ ਮੌਕੇ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਪਰਿਵਾਰਕ ਹਾਲਾਤ ਕਿਸੇ ਬੱਚੇ ਦੀ ਸਿੱਖਿਆ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੇ ਚਾਹੀਦੇ।
‘ਰੰਗਲਾ ਪੰਜਾਬ’ ਦੇ ਟੀਚੇ ਵੱਲ ਕਦਮ
ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਇਹ ਉਪਰਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਟੀਚੇ ਵੱਲ ਇੱਕ ਮਹੱਤਵਪੂਰਨ ਕਦਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਕੋਈ ਵੀ ਬੱਚਾ ਆਪਣੇ ਪਰਿਵਾਰਕ ਜਾਂ ਸਮਾਜਿਕ ਹਾਲਾਤਾਂ ਕਾਰਨ ਸਿੱਖਿਆ, ਸੁਰੱਖਿਆ ਅਤੇ ਵਿਕਾਸ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਪੂਰਵਕ ਜੀਵਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਲੋੜੀਂਦੇ ਮੌਕੇ ਮਿਲ ਸਕਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਪਹੁੰਚ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਯੋਗ ਬੱਚਿਆਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਅਤੇ ਉਨ੍ਹਾਂ ਨੂੰ ਮਜ਼ਬੂਤ ਤੇ ਸੁਰੱਖਿਅਤ ਭਵਿੱਖ ਵੱਲ ਅੱਗੇ ਵਧਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
